ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 21 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਰੋਡ ਸੰਘਰਸ਼ ਯੂਨੀਅਨ ਵੱਲੋਂ ਬਲਾਕ ਪੱਖੋਵਾਲ ਦੇ ਪਿੰਡ ਕੋਟ ਆਗਾ ਵਿਚ ਭਾਰਤ ਮਾਲਾ ਤਹਿਤ ਜ਼ਮੀਨਾਂ ਖੋਹਣ ਵਿਰੁੱਧ 118ਵੇਂ ਦਿਨ ਵੀ ਪੱਕਾ ਮੋਰਚਾ ਜਾਰੀ ਰਿਹਾ। ਕਿਸਾਨ ਆਗੂ ਸੁਦਾਗਰ ਸਿੰਘ ਘੁਡਾਣੀ, ਚਰਨਜੀਤ ਸਿੰਘ ਫੱਲੇਵਾਲ, ਕੁਲਦੀਪ ਸਿੰਘ ਗੁੱਜਰਵਾਲ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਥਾਂ ਟਾਲ-ਮਟੋਲ ਦੀ ਨੀਤੀ ਅਪਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਕਾਰਪੋਰੇਟ ਪੱਖੀ ਨੀਤੀਆਂ ਹੀ ਲਾਗੂ ਕਰ ਰਹੀ ਹੈ। ਕਿਸਾਨ ਆਗੂ ਕਰਮਜੀਤ ਸਿੰਘ ਕੋਟ ਆਗਾ, ਦਰਸ਼ਨ ਸਿੰਘ ਫੱਲੇਵਾਲ, ਜਸਬੀਰ ਸਿੰਘ ਕੋਟ ਆਗਾ, ਸੁਦਾਗਰ ਸਿੰਘ ਜੁੜਾਹਾਂ ਅਤੇ ਸੁਰਿੰਦਰ ਕੌਰ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ, ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਭਗਵੰਤ ਮਾਨ ਦੀ ਕੋਠੀ ਅੱਗੇ ਲਗਾਤਾਰ 13ਵੇਂ ਦਿਨ ਵੀ ਧਰਨੇ ’ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਧਰਨਿਆਂ ਉੱਪਰ ਹੀ ਦੀਵਾਲੀਆਂ ਅਤੇ ਗੁਰਪੁਰਬ ਮਨਾਉਣਗੇ। ਲੰਗਰ ਦੀ ਸੇਵਾ ਪਿੰਡ ਕੋਟ ਆਗਾ ਦੀ ਸੰਗਤ ਨੇ ਕੀਤੀ।