ਸੰਤੋਖ ਗਿੱਲ
ਗੁਰੂਸਰ ਸੁਧਾਰ, 20 ਜੁਲਾਈ
ਬਲਾਕ ਪੱਖੋਵਾਲ ਦੇ ਪਿੰਡ ਕੋਟ ਆਗਾ ਵਿੱਚ ਜਬਰੀ ਜ਼ਮੀਨਾਂ ਖੋਹਣ ਖ਼ਿਲਾਫ਼ ਪੱਕਾ ਮੋਰਚਾ 25ਵੇਂ ਦਿਨ ਵੀ ਜਾਰੀ ਰਿਹਾ ਅਤੇ ਵੱਡੀ ਗਿਣਤੀ ਕਿਸਾਨ-ਮਜ਼ਦੂਰ, ਨੌਜਵਾਨ ਅਤੇ ਔਰਤਾਂ ਨੇ ਪੂਰੇ ਜੋਸ਼ ਨਾਲ ਸ਼ਮੂਲੀਅਤ ਕੀਤੀ। ਇਸ ਦੌਰਾਨ ਹਾਜ਼ਰ ਆਗੂਆਂ ਨੇ ਭਾਰਤਮਾਲਾ ਪ੍ਰਾਜੈਕਟ ਤਹਿਤ ਜ਼ਮੀਨਾਂ ਦੇ ਉੱਚਿਤ ਮੁਆਵਜ਼ੇ ਅਤੇ ਮੋਰਚੇ ਨਾਲ ਹੋਰ ਜੁੜੀਆਂ ਮੰਗਾਂ ਤੋਂ ਇਲਾਵਾ ਪਾਣੀਆਂ ਦੇ ਗੰਭੀਰ ਹੋ ਰਹੇ ਸੰਕਟ ਦੀ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੀ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ। ਇਸ ਕਾਰਨ ਭਵਿੱਖ ਵਿੱਚ ਲੋਕਾਂ ਦਾ ਜੀਵਨ ਖ਼ਤਰੇ ਵਿੱਚ ਪੈ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਪਾਸੇ ਜਲਦੀ ਧਿਆਨ ਦੇਣਾ ਚਾਹੀਦਾ ਹੈ ਤਾਂ ਕਿ ਇਹ ਸੰਕਟ ਹੱਲ ਹੋ ਸਕੇ। ਉਨ੍ਹਾਂ 21 ਤੋਂ 25 ਜੁਲਾਈ ਤੱਕ ਲੁਧਿਆਣਾ ਵਿਚ ਸ਼ੁਰੂ ਹੋਣ ਜਾ ਰਹੇ ਮੋਰਚੇ ਵਿੱਚ ਸ਼ਮੂਲੀਅਤ ਕਰਨ ਲਈ ਆਮ ਲੋਕਾਂ ਨੂੰ ਅਪੀਲ ਕੀਤੀ।
ਕਿਸਾਨ ਆਗੂ ਕੁਲਦੀਪ ਸਿੰਘ ਗੁੱਜਰਵਾਲ, ਭਾਰਤੀ ਕਿਸਾਨ-ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੇ ਆਗੂ ਬਿੱਕਰਜੀਤ ਸਿੰਘ ਕਾਲਖ, ਪਰਮਜੀਤ ਸਿੰਘ ਕੋਟ ਆਗਾ, ਦਰਸ਼ਨ ਸਿੰਘ ਫੱਲੇਵਾਲ ਅਤੇ ਚਰਨਜੀਤ ਸਿੰਘ ਫੱਲੇਵਾਲ ਨੇ ਪੰਜਾਬ ਦੀਆਂ ਖੰਡ ਮਿੱਲਾਂ ਵੱਲ ਕਿਸਾਨਾਂ ਦੀ ਕਰੋੜਾਂ ਰੁਪਏ ਦੀ ਬਕਾਇਆ ਰਕਮ ਤੁਰੰਤ ਅਦਾ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਮੁੱਖ ਪਾਉਣ ਦੀ ਥਾਂ ਮਿੱਲਾਂ ਵੱਲੋਂ ਉਨ੍ਹਾਂ ਨੂੰ ਖੱਜਲ ਕੀਤਾ ਜਾ ਰਿਹਾ ਹੈ। ਦੇਰ ਨਾਲ ਅਦਾਇਗੀ ਉਨ੍ਹਾਂ ਦੀਆਂ ਮੁਸੀਬਤਾਂ ਵਿੱਚ ਵਾਧਾ ਕਰਦੀ ਹੈ। ਇਸ ਦੌਰਾਨ ਕਿਸਾਨ ਆਗੂ ਜਸਵੰਤ ਸਿੰਘ ਭੱਟੀਆਂ, ਗੁਰਮੀਤ ਸਿੰਘ ਬੀਹਲਾ, ਹਰਪ੍ਰੀਤ ਕੌਰ ਗੁੱਜਰਵਾਲ ਅਤੇ ਸੁਰਿੰਦਰ ਕੌਰ ਕਾਲਖ ਨੇ ਵੀ ਸੰਬੋਧਨ ਕੀਤਾ।