ਸੰਤੋਖ ਗਿੱਲ
ਗੁਰੂਸਰ ਸੁਧਾਰ, 30 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਭਾਰਤੀ ਕਿਸਾਨ-ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਵੱਲੋਂ ਜ਼ਮੀਨਾਂ ਦਾ ਉਚਿਤ ਮੁਆਵਜ਼ਾ ਹਾਸਲ ਕਰਨ ਲਈ ਬਲਾਕ ਪੱਖੋਵਾਲ ਦੇ ਪਿੰਡ ਕੋਟ ਆਗਾ ਵਿੱਚ ਚੱਲ ਰਿਹਾ ਪੱਕਾ ਮੋਰਚਾ 97ਵੇਂ ਦਿਨ ਵੀ ਜਾਰੀ ਰਿਹਾ। ਜ਼ਿਲ੍ਹਾ ਮੀਤ ਪ੍ਰਧਾਨ ਮਨੋਹਰ ਸਿੰਘ ਕਲਾਹੜ ਅਤੇ ਜ਼ਿਲ੍ਹਾ ਆਗੂ ਯੁਵਰਾਜ ਸਿੰਘ ਘੁਡਾਣੀ ਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹੀਦ ਭਗਤ ਸਿੰਘ ਦਾ ਨਾਅਰਾ ਲਾ ਕੇ ਸੱਤਾ ਵਿੱਚ ਆਈ ਹੈ, ਪਰ ਅਮਲ ਉਸ ਨਾਅਰੇ ਨਾਲ ਮੇਲ ਨਹੀਂ ਖਾਂਦੇ। ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਸਾਥੀਆਂ ਨੇ ਸਾਮਰਾਜਵਾਦ ਨੂੰ ਭਾਰਤ ’ਚੋਂ ਬਾਹਰ ਕੱਢਣ ਲਈ ਜਾਨ ਵਾਰ ਦਿੱਤੀ ਸੀ, ਪਰ ਸਰਕਾਰ ਉਸੇ ਸਾਮਰਾਜ ਨੂੰ ਪੰਜਾਬ ਦੀ ਧਰਤੀ ’ਤੇ ਸੱਦਾ ਦੇ ਰਹੀ ਹੈ। ਕਿਸਾਨ ਆਗੂ ਸੁਦਾਗਰ ਸਿੰਘ ਜੁੜਾਹਾਂ, ਕਰਮਜੀਤ ਸਿੰਘ ਕੋਟ ਆਗਾ, ਦਵਿੰਦਰ ਸਿੰਘ ਸਿਰਥਲਾ, ਡਾ. ਰੁਪਿੰਦਰ ਸਿੰਘ ਜੋਗੀਮਾਜਰਾ, ਨਾਜ਼ਰ ਸਿੰਘ ਸਿਆੜ, ਪਰਮਜੀਤ ਸਿੰਘ ਕੋਟ ਆਗਾ, ਹਰਪ੍ਰੀਤ ਕੌਰ ਗੁੱਜਰਵਾਲ ਅਤੇ ਸੁਰਿੰਦਰ ਕੌਰ ਕਾਲਖ ਨੇ ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਮਾਲਾ ਤਹਿਤ ਕਾਰਪੋਰੇਟ ਘਰਾਣਿਆਂ ਲਈ ਸੜਕਾਂ ਕੱਢੀਆਂ ਜਾ ਰਹੀਆਂ ਹਨ, ਸਰਕਾਰ ਬਿਨਾ ਮੁਆਵਜ਼ਾ ਦਿੱਤੇ ਧੱਕੇ ਨਾਲ ਜ਼ਮੀਨਾਂ ਖੋਹ ਰਹੀ ਹੈ। ਪ੍ਰਸ਼ਾਸਨ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਕਿਸਾਨਾਂ-ਮਜ਼ਦੂਰਾਂ ਨੂੰ ਉਜਾੜਨ ਦੇ ਰਾਹ ਤੁਰਿਆ ਹੈ। ਅੱਜ ਲੰਗਰ ਦੀ ਸੇਵਾ ਪਿੰਡ ਚੌਂਤਾ ਦੀ ਸੰਗਤ ਵੱਲੋਂ ਕੀਤੀ ਗਈ।