ਸੰਤੋਖ ਗਿੱਲ
ਗੁਰੂਸਰ ਸੁਧਾਰ, 10 ਅਗਸਤ
ਭਾਰਤ ਮਾਲਾ ਪ੍ਰਾਜੈਕਟ ਤਹਿਤ ਡੇਢ ਦਰਜਨ ਪਿੰਡਾਂ ਦੇ ਕਿਸਾਨਾਂ-ਮਜ਼ਦੂਰਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਜਬਰੀ ਗ੍ਰਹਿਣ ਕਰਨ ਵਿਰੁੱਧ ਭਾਕਿਯੂ ਏਕਤਾ (ਉਗਰਾਹਾਂ) ਅਤੇ ਭਾਰਤੀ ਕਿਸਾਨ-ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੀ ਅਗਵਾਈ ਹੇਠ ਕੋਟ ਆਗਾ ਤੋਂ ਟਰੈਕਟਰ ਮਾਰਚ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਕੇਐਨਐਸ ਕੰਗ ਨੂੰ ਮੰਗ ਪੱਤਰ ਦੇਣ ਲਈ ਰਵਾਨਾ ਹੋਇਆ। ਕਿਸਾਨ ਆਗੂ ਬਲਵੰਤ ਸਿੰਘ ਘੁਡਾਣੀ, ਬਿਕਰਜੀਤ ਸਿੰਘ ਕਾਲਖ ਨੇ ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦਿਆਂ ਚਿਤਾਵਨੀ ਦਿੱਤੀ ਕਿ ਕਾਰਪੋਰੇਟਾਂ ਦੀ ਸੇਵਾ ਲਈ ਬਣਾਈਆਂ ਜਾਣ ਵਾਲੀਆਂ ਸੜਕਾਂ ਲਈ ਗ਼ਰੀਬ ਕਿਸਾਨਾਂ-ਮਜ਼ਦੂਰਾਂ ਨੂੰ ਨਾ ਉਜਾੜਿਆ ਜਾਵੇ।
ਕਿਸਾਨ ਆਗੂ ਕੁਲਦੀਪ ਸਿੰਘ ਗੁੱਜਰਵਾਲ, ਜਸਵੰਤ ਸਿੰਘ ਭੱਟੀਆਂ, ਜਸਵੀਰ ਸਿੰਘ ਕੋਟ ਆਗਾ, ਸਰਪੰਚ ਹਰਪ੍ਰੀਤ ਸਿੰਘ ਇਯਾਲ਼ੀ, ਹਰਪ੍ਰੀਤ ਕੌਰ ਗੁੱਜਰਵਾਲ ਅਤੇ ਰਣਜੀਤ ਕੌਰ ਕੋਟ ਆਗਾ ਨੇ ਹਲਕਾ ਇੰਚਾਰਜ ਕੇਐਨਐਸ ਕੰਗ ਨੂੰ ਮੰਗ ਪੱਤਰ ਦੇਣ ਤੋਂ ਪਹਿਲਾਂ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ-ਮਜ਼ਦੂਰਾਂ ਦਾ ਇਮਤਿਹਾਨ ਨਾ ਲਵੇ। ਟਰੈਕਟਰ ਮਾਰਚ ਵਿਚ ਸ਼ਾਮਲ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਦੇ ਕਾਫ਼ਲੇ ਦਾ ਗੁੱਜਰਵਾਲ, ਬੱਲੋਵਾਲ, ਜੋਧਾਂ, ਰੁੜਕਾ, ਦਾਖਾ ਸਣੇ ਹੋਰ ਪਿੰਡਾਂ ਵਿਚ ਲੋਕਾਂ ਨੇ ਭਰਵਾਂ ਸਵਾਗਤ ਕੀਤਾ। ਆਮ ਆਦਮੀ ਪਾਰਟੀ ਦੇ ਆਗੂ ਕੇਐਨਐਸ ਕੰਗ ਨੇ ਅੰਦੋਲਨਕਾਰੀ ਆਗੂਆਂ ਨੂੰ ਉਨ੍ਹਾਂ ਦੀਆਂ ਮੰਗਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ।