ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਡੀਸੀ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ
ਭਾਰਤੀ ਕਿਸਾਨ ਯੂਨੀਅਨ ਦੁਆਬਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਆਏ ਹੜ੍ਹਾਂ ਦੀ ਸੱਚਾਈ ਦਾ ਪਤਾ ਲਗਾਉਣ ਲਈ ਹਾਈ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਹੇਠ ਇੱਕ ਜੁਡੀਸ਼ਲ ਕਮਿਸ਼ਨ ਕਾਇਮ ਕੀਤਾ ਜਾਵੇ ਜੋ ਹੜ੍ਹਾਂ ਦੀ ਸਾਰੀ ਅਸਲੀਅਤ ਦਾ ਪਤਾ ਲਗਾ ਕੇ ਜ਼ਿੰਮੇਵਾਰ ਲੋਕਾਂ ਅਤੇ ਖਾਸ ਕਰਕੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਸਿਫਾਰਿਸ਼ ਕਰੇ।
ਅੱਜ ਇੱਥੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜੇ ਮੰਗ ਪੱਤਰ ਵਿੱਚ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਫੌਰੀ ਤੌਰ ਤੇ ਰਾਹਤ ਫੰਡ ਜਾਰੀ ਕਰਨ ਦੀ ਮੰਗ ਕੀਤੀ ਗਈ।
ਜਥੇਬੰਦੀ ਦੇ ਮਾਲਵਾ ਚੋਣ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਦੀ ਅਗਵਾਈ ਹੇਠ ਦਿੱਤੇ ਮੰਗ ਪੱਤਰ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਹੜ੍ਹਾਂ ਕਾਰਨ ਜਿਨ੍ਹਾਂ ਕਿਸਾਨਾਂ ਦਾ ਜਾਨੀ ਨੁਕਸਾਨ ਹੋਇਆ ਹੈ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਤੀ ਵਿਅਕਤੀ ਇੱਕ ਕਰੋੜ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇ ਅਤੇ ਜਿਨ੍ਹਾਂ ਲੋਕਾਂ ਦੇ ਘਰ ਢਹਿ ਢੇਰੀ ਹੋਏ ਹਨ ਉਨ੍ਹਾਂ ਨੂੰ ਮੁੜ ਘਰ ਬਣਾਉਣ ਲਈ ਪੂਰੀ ਆਰਥਿਕ ਸਹਾਇਤਾ ਦਿੱਤੀ ਜਾਵੇ।
ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪ੍ਰਤੀ ਏਕੜ 70 ਹਜ਼ਾਰ ਰੁਪਏ ਮੁਆਵਜਾ ਅਤੇ ਡੰਗਰਾਂ ਦੇ ਹੋਏ ਨੁਕਸਾਨ ਲਈ ਸਵਾ ਲੱਖ ਰੁਪਏ ਪ੍ਰਤੀ ਡੰਗਰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ਿਆਂ ਤੇ ਲੀਕ ਫੇਰੀ ਜਾਵੇ, ਹੜ੍ਹਾਂ ਕਾਰਨ ਜਿਨ੍ਹਾਂ ਕਿਸਾਨਾਂ ਦੇ ਖੇਤਾਂ ਵਿੱਚ ਖੱਡੇ ਪੈ ਗਏ ਹਨ ਉਨ੍ਹਾਂ ਦੀ ਸਰਕਾਰੀ ਖਰਚੇ ਤੇ ਭਰਾਈ ਕੀਤੀ ਜਾਵੇ ਅਤੇ ਅਗਲੀ ਫ਼ਸਲ ਦੀ ਬਜਾਈ ਲਈ ਮੁਫ਼ਤ ਬੀਜ ਅਤੇ ਖਾਦ ਦਾ ਪ੍ਰਬੰਧ ਕੀਤਾ ਜਾਵੇ।