ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਕਿਸਾਨੀ ਮਸਲੇ ਵਿਚਾਰੇ
ਹੜ੍ਹ ਪ੍ਰਭਾਵਿਤ ਲੋਕਾਂ ਲਈ ਐਲਾਨੀ ਰਾਸ਼ੀ ਤੁਰੰਤ ਦੇਣ ਤੇ ਨਮੀ ਦੀ ਮਾਤਰਾ 22 ਫ਼ੀਸਦੀ ਕਰਨ ਦੀ ਮੰਗ
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਨੁਕਸਾਨ ਦਾ ਮੁਆਵਜ਼ਾ ਦੇਣ, ਝੋਨੇ ਦੀ ਨਿਰਵਿਘਨ ਖਰੀਦ ਕਰਨ ਅਤੇ ਨਮੀ ਦੀ ਮਾਤਰਾ 17 ਦੀ ਥਾਂ 22 ਫ਼ੀਸਦੀ ਕਰਨ ਦੀ ਮੰਗ ਕੀਤੀ ਹੈ।
ਅੱਜ ਇੱਥੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੇ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਮੇਹਲੋਂ ਸਰਪ੍ਰਸਤ ਤੇ ਹਰਿੰਦਰ ਸਿੰਘ ਲੱਖੋਵਾਲ ਪ੍ਰਧਾਨ ਨੇ ਦੱਸਿਆ ਕਿ ਹੜ੍ਹਾਂ ਕਾਰਨ ਪੰਜਾਬ ਦੇ ਕਿਸਾਨਾਂ ਦੀ ਲੱਖਾਂ ਏਕੜ ਝੋਨੇ ਦੀ ਫਸਲ ਤਬਾਹ ਹੋਣ ਤੋਂ ਇਲਾਵਾ ਸੈਂਕੜੇ ਕੀਮਤੀ ਜਾਨਾਂ, ਮਸ਼ੀਨਰੀ, ਪਸ਼ੂਆਂ ਤੇ ਘਰਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਸਹਾਇਤਾ ਰਾਸ਼ੀ ਵਿੱਚ ਵਾਧਾ ਕਰਕੇ ਕਿਸਾਨਾਂ ਨੂੰ ਫੌਰਨ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਹੜ੍ਹ ਬੀਬੀਐੱਮਬੀ ਦੀ ਨਲਾਇਕੀ ਕਾਰਨ ਆਏ ਹਨ ਇਸ ਲਈ ਤੁਰੰਤ ਸੁਪਰੀਮ ਕੋਰਟ ਦੇ ਜੱਜ ਤੋਂ ਜੁਡੀਸ਼ਲ ਜਾਂਚ ਕਰਾਕੇ ਕੁਤਾਹੀ ਵਰਤਣ ਵਾਲੇ ਹੁਕਮਰਾਨਾਂ, ਅਫ਼ਸਰਾਂ ਤੇ ਉੱਚ ਅਧਿਕਾਰੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਇਸਤੋਂ ਪਹਿਲਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਸ਼ੋਤਮ ਸਿੰਘ ਗਿੱਲ ਤੇ ਮਨਪ੍ਰੀਤ ਸਿੰਘ ਅਮਲਾਲਾ ਨੇ ਝੋਨੇ ਦੀ ਖ਼ਰੀਦ ਵਿੱਚ ਕਿਸਾਨਾਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਬਦਰੰਗ ਦਾਣੇ ਵਿੱਚ ਛੋਟ ਤੇ ਨਮੀ ਦੀ ਮਾਤਰਾ 17 ਤੋਂ 22 ਫ਼ੀਸਦੀ ਫੌਰੀ ਤੌਰ ਤੇ ਕਰਨ ਦੀ ਮੰਗ ਕੀਤੀ। ਉਨ੍ਹਾਂ ਪਰਾਲੀ ਸਾਤਨ ਦੇ ਦੋਸ਼ ਤਹਿਤ ਕਿਸਾਨਾਂ ਤੇ ਦਰਜ ਪਰਚੇ ਤੁਰੰਤ ਰੱਦ ਕਰਨ ਅਤੇ ਕਿਸਾਨਾਂ ਨੂੰ ਪਰਾਲੀ ਸਾਂਭਣ ਲਈ 2500 ਰੁਪਏ ਪ੍ਰਤੀ ਏਕੜ ਦਿੱਤੇ ਜਾਣ ਦੀ ਮੰਗ ਵੀ ਕੀਤੀ। ਗੁਰਵਿੰਦਰ ਸਿੰਘ ਕੂੰਮ ਕਲਾਂ ਅਤੇ ਸੂਰਤ ਸਿੰਘ ਕਾਦਰਵਾਲਾ ਨੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸੜਕ ਹਾਦਸੇ ਵਿੱਚ ਅਵਾਰਾਂ ਪਸ਼ੂਆਂ ਨਾਲ ਟਕਰਾਉਣ ਕਾਰਨ ਹੋਈ ਮੌਤ ਦੀ ਨਿੰਦਾ ਕਰਦਿਆਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਅਵਾਰਾਂ ਪਸ਼ੂਆਂ ਨੂੰ ਜਲਦ ਤੋਂ ਜਲਦ ਨਕੇਲ ਪਾਈ ਜਾਵੇ ਨਹੀਂ ਤਾਂ ਵੱਡੇ ਪੱਧਰ ਤੇ ਹਰ ਜ਼ਿਲ੍ਹੇ ਅੰਦਰ ਅਵਾਰਾ ਪਸ਼ੂਆਂ ਦਾ ਵਿਰੋਧ ਕੀਤਾ ਜਾਵੇਗਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਮਰਨਜੀਤ ਸਿੰਘ ਘੁੱਦੂਵਾਲਾ, ਬਲਦੇਵ ਸਿੰਘ ਪੂਨੀਆਂ ਅਤੇ ਸੁਰਮੁੱਖ ਸਿੰਘ ਸੇਲਬਰਾਹ ਨੇ ਡੀਏਪੀ ਤੇ ਯੂਰੀਆ ਖਾਦ ਦੀ ਘਾਟ ਦੂਰ ਕਰਕੇ ਖਾਦਾਂ ਦਾ ਸਟਾਕ ਜਲਦ ਤੋਂ ਜਲਦ ਪੂਰਾ ਕਰਨ ਕਰਨ ਦੀ ਮੰਗ ਵੀ ਕੀਤੀ। ਮੀਟਿੰਗ ਵਿੱਚ ਜੋਗਿੰਦਰ ਸਿੰਘ ਢਿੱਲੋਂ, ਦਲਜੀਤ ਸਿੰਘ ਚਲਾਕੀ, ਭੁਪਿੰਦਰ ਸਿੰਘ ਦੌਲਤਪੁਰ, ਸੁਖਜਿੰਦਰ ਸਿੰਘ ਜਲਾਲ, ਅਮਰੀਕ ਸਿੰਘ, ਸਰਬਜੀਤ ਸਿੰਘ ਤੋਂ ਇਲਾਵਾ ਸਾਰੇ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਆਗੂ ਹਾਜ਼ਰ ਸਨ।