ਪੱਤਰ ਪ੍ਰੇਰਕ
ਜਗਰਾਉਂ, 9 ਦਸੰਬਰ
ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਜ਼ਿਲ੍ਹਾ ਮੋਗਾ ਅਤੇ ਲੁਧਿਆਣੇ ਦੀ ਹੱਦ ’ਤੇ ਵਸੇ ਪਿੰਡ ਕਿੱਲੀ ਚਾਹਲਾਂ ਕੋਲ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋ ਰਹੀ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕਾ ਜਗਰਾਉਂ ਦੇ ਸਾਬਕਾ ਵਿਧਾਇਕ ਐੱਸਆਰ ਕਲੇਰ ਸਮੇਤ ਸਮੁੱਚੀ ਲੀਡਰਸ਼ਿਪ ਪੱਬਾਂ ਭਾਰ ਹੈ। ਰੈਲੀ ਸਬੰਧੀ ਹਲਕਾ ਵਰਕਰਾਂ, ਆਗੂਆਂ ਦੀ ਸਾਂਝੀ ਮੀਟਿੰਗ ਅਤੇ ਰੈਲੀ ਵਾਲੀ ਜਗ੍ਹਾ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਲੇਰ ਨੇ ਆਖਿਆ ਕਿ ਇਸ ਜਗ੍ਹਾ ਅਕਾਲੀ ਦਲ ਦੀਆਂ ਹੋਈਆਂ ਰੈਲੀਆਂ ਨੇ ਪਹਿਲਾਂ ਵੀ ਇਤਿਹਾਸ ਸਿਰਜੇ ਹਨ, ਇਸ ਵਾਰ ਵੀ 14 ਦਸੰਬਰ ਨੂੰ ਹੋਣ ਵਾਲੀ ਰੈਲੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਾਉਣ ਦਾ ਮੁੱਢ ਬੰਨੇਗੀ। ਪਾਰਟੀ ਆਗੂ ਚੇਅਰਮੈਨ ਕੰਵਲਜੀਤ ਸਿੰਘ ਮੱਲਾ, ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ, ਚੇਅਰਮੈਨ ਦੀਦਾਰ ਸਿੰਘ ਮਲਕ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪੂਰੇ ਜੋਸ਼ ਅਤੇ ਉਤਸ਼ਾਹ’ਚ ਹਨ। ਇਸ ਮੌਕੇ ਵੱਡੀ ਗਿਣਤੀ ’ਚ ਪਾਰਟੀ ਦੇ ਵਰਕਰ ਅਤੇ ਪਿੰਡਵਾਰ ਅਹੁਦੇਦਾਰ ਹਾਜ਼ਰ ਸਨ।