ਸ਼ਹਿਰ ਦੇ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਦੇ ਲਈ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਪੁੱਜੇ, ਜਿੱਥੇ ਉਨ੍ਹਾਂ ਨੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਛੱਠ ਪੂਜਾ ਲਈ ਪੰਜਾਬ ਤੋਂ ਬਿਹਾਰ ਜਾਣ ਵਾਲੇ ਯਾਤਰੀਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਮੌਕੇ ’ਤੇ ਰੇਲ ਗੱਡੀ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨਾਲ ਵੀ ਗੱਲਬਾਤ ਕੀਤੀ। ਸ੍ਰੀ ਬਿੱਟੂ ਨੇ ਪਹਿਲਾਂ ਸੁਰੱਖਿਆ ਪ੍ਰਬੰਧਾਂ, ਟਿਕਟ ਕਾਊਂਟਰਾਂ ਦੀ ਸਮੀਖਿਆ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕੰਟਰੋਲ ਰੂਮ ਦਾ ਦੌਰਾ ਕੀਤਾ ਅਤੇ ਉੱਥੇ ਦੇ ਕਾਰਜਾਂ ਦਾ ਨਿਰੀਖਣ ਲਿਆ। ਇਥੇ ਉਨ੍ਹਾਂ ਲੋਕਾਂ ਨਾਲ ਗੱਲਬਾਤ ਵੀ ਕੀਤੀ। ਬਿੱਟੂ ਨੇ ਯਾਤਰੀਆਂ ਨੂੰ ਟਰੇਨ ਦੇ ਪਖਾਨਿਆਂ ਵਿੱਚ ਜਾਂ ਦਰਵਾਜ਼ਿਆਂ ’ਤੇ ਬੈਠ ਕੇ ਯਾਤਰਾ ਨਾ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਰੇਲਵੇ ਮੰਤਰੀ ਨੇ ਕਿਹਾ ਕਿ ਰੇਲਵੇ ਕੋਲ ਸਾਰੀਆਂ ਟਰੇਨਾਂ ਲਈ ਬੁਕਿੰਗ ਅਤੇ ਉਡੀਕ ਸੂਚੀਆਂ ਦਾ ਡੇਟਾ ਹੈ ਅਤੇ ਇਸ ਅਨੁਸਾਰ ਵਾਧੂ ਟਰੇਨਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਮੰਤਰਾਲਾ ਪੂਰੀ ਪ੍ਰਕਿਰਿਆ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਤੋਂ 170 ਤੋਂ ਵੱਧ ਵਿਸ਼ੇਸ਼ ਰੇਲ ਗੱਡੀਆਂ ਚੱਲ ਰਹੀਆਂ ਹਨ।

