ਗੁਰਿੰਦਰ ਸਿੰਘ
ਲੁਧਿਆਣਾ 11 ਜਨਵਰੀ
ਭਾਰਤੀ ਜਨਤਾ ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਉਪਲਬਧ ਕਰਵਾਏ ਗਏ ਪੰਜਾਬ ਨਿਰਮਾਣ ਫੰਡ ਦੀ ਵੰਡ ਵਿੱਚ ਕਾਂਗਰਸ ਸਰਕਾਰ ਨੇ ਵੱਡੇ ਘੁਟਾਲੇ ਕੀਤੇ ਹਨ। ਅੱਜ ਇੱਥੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਮੁੱਖ ਬੁਲਾਰੇ ਅਨਿਲ ਸਰੀਨ ਅਤੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਨੇ ਕਿਹਾ ਕਿ ਇਸ ਸਕੀਮ ਤਹਿਤ ਹਰ ਵਿਧਾਇਕ ਨੂੰ ਆਪਣੇ ਇਲਾਕੇ ਦੇ ਲੋੜਵੰਦ ਲੋਕਾਂ ਵਿੱਚ ਵੰਡਣ ਲਈ 15 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਸੀ, ਜੋ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਆਰਥਿਕ ਤੌਰ ’ਤੇ ਪਛੜੇ ਵਰਗ ਦੇ ਲੋਕਾਂ ਦੇ ਘਰਾਂ ਦੀ ਮੁਰੰਮਤ ਅਤੇ ਉੱਚਾ ਚੁੱਕਣ ਲਈ 10 ਹਜ਼ਾਰ ਤੋਂ 35 ਹਜ਼ਾਰ ਰੁਪਏ ਪ੍ਰਤੀ ਘਰ ਸੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਵਿਧਾਇਕਾਂ ਅਤੇ ਕੁਝ ਹੋਰ ਆਗੂਆਂ ਨੇ ਸਹਾਇਤਾ ਰਾਸ਼ੀ ਦੀ ਵੰਡ ਵਿੱਚ ਹੱਦੋਂ ਵੱਧ ਭ੍ਰਿਸ਼ਟਾਚਾਰ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਨਿਰਮਾਣ ਫੰਡ ’ਚ ਹੋਈ ਧਾਂਦਲੀ ਦੀ ਨਿਆਂਇਕ ਜਾਂਚ ਕਰਵਾਕੇ ਵਾਰਡ ਪੱਧਰ ’ਤੇ ਲਾਭਪਾਤਰੀਆਂ ਦੇ ਨਾਵਾਂ ਦੀ ਸਿਫਾਰਿਸ਼ ਕਰਨ ਵਾਲੇ ਕਾਂਗਰਸੀ ਵਰਕਰਾਂ, ਕੌਂਸਲਰਾਂ, ਵਿਧਾਇਕਾਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਖਿਲਾਫ ਕੇਸ ਦਰਜ ਕੀਤੇ ਜਾਣ। ਇਸ ਮੌਕੇ ਰਾਮ ਗੁਪਤਾ, ਕੰਤੇਂਦੂ ਸ਼ਰਮਾ, ਹਰਿਗੋਬਿੰਦ ਤਿਵਾੜੀ ਆਦਿ ਵੀ ਹਾਜ਼ਰ ਸਨ।