ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਜੂਨ
ਕੇਂਦਰ ਵਿੱਚ ਮੋਦੀ ਸਰਕਾਰ ਦੇ ਅੱਠ ਸਾਲ ਦਾ ਕਾਰਜਕਾਲ ਪੂਰਾ ਹੋਣ ਦੇ ਸਬੰਧ ਵਿੱਚ ਇੱਕ ਸਮਾਗਮ ਸਲੇਮ ਟਾਬਰੀ ਦੇ ਵਾਰਡ ਨੰਬਰ 89 ਵਿੱਚ ਕੀਤਾ ਗਿਆ, ਜਿਸ ਵਿੱਚ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਪ੍ਰਵੀਨ ਬਾਂਸਲ ਨੇ ਮੋਦੀ ਸਰਕਾਰ ਦੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।
ਪ੍ਰਵੀਨ ਬਾਂਸਲ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਦੇਸ਼ ਅਤੇ ਖਾਸ ਕਰਕੇ ਪੰਜਾਬ ਲਈ ਕੀਤੇ ਕੰਮਾਂ ਨੂੰ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ ਕਿਉਂਕਿ ਇਸ ਨਾਲ ਦੇਸ਼ ਦਾ ਨਾਂ ਵਿਸ਼ਵ ਪੱਧਰ ’ਤੇ ਰੌਸ਼ਨ ਹੋਇਆ ਹੈ। ਉਨ੍ਹਾਂ ਕਿਹਾ ਕਿ ਰਾਮ ਮੰਦਰ ਦੀ ਉਸਾਰੀ, ਕਸ਼ਮੀਰ ਨੂੰ ਮੁੱਖ ਧਾਰਾ ਵਿੱਚ ਸ਼ਾਮਲ ਕਰਨਾ, ਸਫ਼ਾਈ ਮੁਹਿੰਮ, ਉਜਵੱਲ ਗੈਸ ਯੋਜਨਾ, ਜਨ ਧਨ ਯੋਜਨਾ ਤਹਿਤ ਬੈਂਕਿੰਗ ਸਹੂਲਤਾਂ ਨਾਲ ਜਨਤਾ ਨੂੰ ਸਿੱਧੇ ਤੌਰ ’ਤੇ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਹੁਣ ਤੱਕ ਲੋਕ ਹਿੱਤ ਲਈ ਲਾਗੂ ਕੀਤੇ ਪ੍ਰੋਗਰਾਮਾਂ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ।
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਨੇ ਕਿਹਾ ਕਿ ਦੇਸ਼ ਦੀ ਜਨਤਾ ਨੇ ਭਾਜਪਾ ਨੂੰ ਕਾਂਗਰਸ ਕਾਰਨ ਦੇਸ਼ ਨੂੰ ਹੋਏ ਨੁਕਸਾਨ ਨੂੰ ਵੇਖਦਿਆਂ ਰਾਜਸੱਤਾ ਲਈ ਚੁਣਿਆ ਗਿਆ ਹੈ ਅਤੇ ਮੋਦੀ ਸਰਕਾਰ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਸਮਝਦਿਆਂ ਦੇਸ਼ ਹਿੱਤ ਵਿੱਚ ਉਸਾਰੂ ਕੰਮ ਕਰ ਰਹੀ ਹੈ। ਇਸ ਮੌਕੇ ਯਸ਼ਪਾਲ ਜਨੋਤਰਾ, ਅਮਿਤ ਸ਼ਰਮਾ, ਅਸ਼ਵਾਨੀ ਜੋਸ਼ੀ ਸ਼ਰਮਾ, ਲਵਨ ਸ਼ਰਮਾ, ਜੋਤੀ ਸ਼ਰਮਾ,ਸੁਰਜੀਤ ਕੌਰ, ਰਜਨੀ, ਜਸਵਿੰਦਰ ਕੌਰ, ਬਲਰਾਜ ਸ਼ਰਮਾ, ਪ੍ਰਿਤਪਾਲ ਸਿੰਘ ਆਦਿ ਵੀ ਹਾਜ਼ਰ ਸਨ।