ਐੱਸ ਸੀ ਵਰਗ ਦੀਆਂ ਮੁਸ਼ਕਲਾਂ ਹੱਲ ਕਰ ਰਹੀ ਹੈ ਭਾਜਪਾ: ਲਾਲ ਸਿੰਘ
ਭਾਜਪਾ ਦੇ ਐੱਸ ਸੀ ਮੋਰਚੇ ਨੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਕਰਵਾਇਆ
ਗੁਰਿੰਦਰ ਸਿੰਘ
ਲੁਧਿਆਣਾ, 2 ਫਰਵਰੀ
ਭਾਰਤੀ ਜਨਤਾ ਪਾਰਟੀ ਦੇ ਐੱਸ ਸੀ ਮੋਰਚਾ ਦੇ ਕੌਮੀ ਪ੍ਰਧਾਨ ਲਾਲ ਸਿੰਘ ਨੇ ਕਿਹਾ ਹੈ ਕਿ ਭਾਜਪਾ ਹੀ ਕੇਵਲ ਇੱਕ ਅਜਿਹੀ ਪਾਰਟੀ ਹੈ ਜੋ ਐੱਸ ਸੀ ਵਰਗ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੱਢ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਣੇ ਸਾਰੀਆਂ ਵਿਰੋਧੀ ਪਾਰਟੀਆਂ ਨੇ ਹਮੇਸ਼ਾਂ ਹੀ ਇਸ ਭਾਈਚਾਰੇ ਦੀਆਂ ਵੋਟਾਂ ਪ੍ਰਾਪਤ ਕਰ ਕੇ ਇਨ੍ਹਾਂ ਨਾਲ ਵਿਸ਼ਵਾਸਘਾਤ ਕੀਤਾ ਹੈ।
ਉਹ ਅੱਜ ਐੱਸ ਸੀ ਮੋਰਚਾ ਪੰਜਾਬ ਵੱਲੋਂ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਕਰਾਏ ਸਮਾਗਮ ਦੌਰਾਨ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਲਿਤ ਸਮਾਜ, ਵਾਲਮੀਕਿ ਭਾਈਚਾਰੇ ਅਤੇ ਰਵਿਦਾਸ ਭਾਈਚਾਰੇ ਸਣੇ ਸਾਰੀਆਂ ਘੱਟ ਗਿਣਤੀਆਂ ਦੇ ਹੱਕਾਂ ਲਈ ਉਸਾਰੂ ਰੋਲ ਅਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐੱਸ ਸੀ ਕਮਿਸ਼ਨ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ ਜਦੋਂਕਿ ਹੁਣ ਦਿੱਲੀ ਦੀ ਭਾਜਪਾ ਸਰਕਾਰ ਨੇ ਐੱਸ ਸੀ ਕਮਿਸ਼ਨ ਦਾ ਗਠਨ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਪੱਧਰ ’ਤੇ ਐੱਸ ਸੀ ਕਮਿਸ਼ਨ ਵੱਲੋਂ ਵੀ ਐੱਸ ਸੀ ਭਾਈਚਾਰੇ ਨਾਲ ਸਬੰਧਤ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੱਢਿਆ ਜਾਂਦਾ ਹੈ।
ਇਸ ਮੌਕੇ ਐਸ ਸੀ ਮੋਰਚਾ ਪੰਜਾਬ ਦੇ ਪ੍ਰਧਾਨ ਐਸ ਆਰ ਲੱਧੜ ਨੇ ਲਾਲ ਸਿੰਘ ਤੇ ਹੋਰ ਆਏ ਆਗੂਆਂ ਅਤੇ ਸੰਤਾਂ ਮਹਾਂਪੁਰਸ਼ਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਐੱਸ ਸੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰ ਰਹੀ ਹੈ। ਇਸ ਮੌਕੇ ਸਾਬਕਾ ਤਹਿਸੀਲਦਾਰ ਕਵਰ ਨਰਿੰਦਰ ਪ੍ਰਤਾਪ ਸਿੰਘ ਨੇ ਲਾਲ ਸਿੰਘ ਨਾਲ ਮੁਲਾਕਾਤ ਕਰ ਕੇ ਐੱਸ ਸੀ ਭਾਈਚਾਰੇ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਦਿੱਤੀ।
ਕੇਂਦਰੀ ਬਜਟ ਦੀ ਸ਼ਲਾਘਾ ਕੀਤੀ
ਲਾਲ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਬਜਟ ਨਾਲ ਜਿੱਥੇ ਹਰ ਵਰਗ ਨੂੰ ਲਾਭ ਹੋਵੇਗਾ, ਉੱਥੇ ਮਹਿੰਗਾਈ ਉੱਪਰ ਵੀ ਲਗਾਮ ਲੱਗੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਸਬੰਧਤ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਕਮੀ ਹੋਵੇਗੀ ਅਤੇ ਦੇਸ਼ ਵਿਕਸਿਤ ਭਾਰਤ ਵੱਲ ਹੋਰ ਅੱਗੇ ਵਧੇਗਾ। ਇਸ ਤੋਂ ਪਹਿਲਾਂ ਸਮਾਗਮ ਦੌਰਾਨ ਉਨ੍ਹਾਂ ਐੱਸ ਸੀ ਭਾਈਚਾਰੇ ਨੂੰ ਗੁਰੂ ਰਵਿਦਾਸ ਦੇ ਜੀਵਨ, ਸਿੱਖਿਆਵਾਂ ਅਤੇ ਦਿੱਤੇ ਸੰਦੇਸ਼ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।

