ਸਮਾਜ ਦੇ ਹਰੇਕ ਵਰਗ ਨੂੰ ਜੋੜਨ ਦਾ ਕੰਮ ਕਰ ਰਹੀ ਹੈ ਭਾਜਪਾ: ਸੰਧੂ
ਭਾਰਤੀ ਜਨਤਾ ਪਾਰਟੀ ਵੱਲੋਂ ਆਤਮ ਨਿਰਭਰ ਭਾਰਤ ਸੰਕਲਪ ਮੁਹਿੰਮ ਤਹਿਤ ਇਕ ਮੀਟਿੰਗ ਸੈਂਟਰਲ ਹਲਕੇ ਦੇ ਇੰਚਾਰਜ ਗੁਰਦੇਵ ਸ਼ਰਮਾ ਦੇਬੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਅਤੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਸ਼ਾਮਲ ਹੋਏ। ਇਸ ਮੌਕੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਆਤਮ ਨਿਰਭਰਤਾ ਦੀ ਦਿਸ਼ਾ ਵੱਲ ਅੱਗੇ ਵਧ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਵੀ ਇਹ ਮੁਹਿੰਮ ਕੇਵਲ ਇੱਕ ਨਾਅਰਾ ਨਹੀਂ ਬਲਕਿ ਲੋਕਾਂ ਦੀ ਹਿੱਸੇਦਾਰੀ ਰਾਹੀਂ ਦੇਸ਼ ਨੂੰ ਆਰਥਿਕ ਅਤੇ ਸਮਾਜਿਕ ਤੌਰ ’ਤੇ ਆਤਮ ਨਿਰਭਰ ਬਣਾਉਣ ਦਾ ਇੱਕ ਠੋਸ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਭਾਰਤੀ ਜਨਤਾ ਪਾਰਟੀ ਵੱਲੋਂ ਸਮਾਜ ਦੇ ਹਰੇਕ ਵਰਗ ਨੂੰ ਜੋੜਨ ਦਾ ਕੰਮ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕ ਮਾਤਰ ਟੀਚਾ ਆਤਮ ਨਿਰਭਰ ਭਾਰਤ ਅਤੇ ਸਵੈਭਮਾਨੀ ਭਾਰਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਆਤਮ ਨਿਰਭਰ ਮੁਹਿੰਮ ਦੇ ਨਾਲ ਹੀ ਘਰ ਘਰ ਸਵਦੇਸ਼ੀ ਅਪਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਇਸ ਮੁਹਿੰਮ ਨੂੰ ਪੂਰਾ ਕਰਨਾ ਸਾਡਾ ਸਾਰੇ ਵਰਕਰਾਂ ਦਾ ਇਕ ਮਾਤਰ ਨਿਸ਼ਾਨਾ ਹੋਣਾ ਚਾਹੀਦਾ ਹੈ। ਗੁਰਦੇਵ ਸ਼ਰਮਾ ਦੇਬੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਇਸ ਮੁਹਿਮ ਨੂੰ ਹੋਰ ਤੇਜ਼ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਕੰਵਰ ਵੀਰ ਸਿੰਘ ਟੋਹੜਾ, ਮਹੇਸ਼ ਸ਼ਰਮਾ, ਅਸ਼ਵਨੀ ਟੰਡਨ, ਡਾਕਟਰ ਕਨਿਕਾ ਜਿੰਦਲ, ਪੂਨਮ ਰੱਤੜਾ, ਮੁਕੇਸ਼ ਖੱਤਰੀ, ਡਾ. ਸਤੀਸ਼ ਕੁਮਾਰ, ਗੁਰਦੀਪ ਸਿੰਘ ਨੀਟੂ, ਸੁਮਿਤ ਮਲਹੋਤਰਾ ਅਤੇ ਰਵੀ ਬੱਤਰਾ ਵੀ ਹਾਜ਼ਰ ਸਨ।
