ਤਰਪਾਲਾਂ ਵੰਡਦੇ ਭਾਜਪਾ ਆਗੂ ਦੀ ‘ਆਪ’ ਵਰਕਰਾਂ ਵੱਲੋਂ ਕੁੱਟਮਾਰ
ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਨੀ ਕੈਂਥ ਨੇ ਦੱਸਿਆ ਕਿ ਭਾਜਪਾ ਐੱਸਸੀ ਮੋਰਚੇ ਦੇ ਜਰਨਲ ਸਕੱਤਰ ਰਾਜਿੰਦਰ ਸਿੰਘ ਦੀ ‘ਆਪ’ ਨਾਲ ਸਬੰਧਿਤ ਵਰਕਰਾਂ ਨੇ ਪਿੰਡ ਬੌਂਕੜ ਡੋਗਰਾਂ ਵਿੱਚ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਅਤੇ ਉਨ੍ਹਾਂ ਲੋਕਾਂ ਨੂੰ ਵੰਡੀਆਂ ਜਾ ਰਹੀਆ ਤਰਪਾਲਾਂ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਜ਼ਖ਼ਮੀ ਹਾਲਤ ਵਿੱਚ ਰਾਜਿੰਦਰ ਸਿੰਘ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਲਿਖ਼ਤੀ ਸ਼ਿਕਾਇਤ ਦੇਣ ਦੇ ਬਾਵਜੂਦ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।
ਸਨੀ ਕੈਂਥ ਨੇ ਦੱਸਿਆ ਕਿ ਇਸ ਤੋਂ ਪਹਿਲਾਂ ‘ਆਪ’ ਵੱਲੋਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਸਬੰਧੀ ਲਗਾਏ ਜਾਣ ਵਾਲੇ ਕੈਂਪਾਂ ਨੂੰ ਰੋਕਿਆ ਗਿਆ ਸੀ ਅਤੇ ਹੁਣ ਭਾਜਪਾ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਨੂੰ ਰੋਕਿਆ ਜਾ ਰਿਹਾ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਖ਼ੁਦ ਤਾਂ ਹਾਲੇ ਤੱਕ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੁੱਝ ਨਹੀਂ ਕੀਤਾ ਗਿਆ ਜਦਕਿ ਸਮਾਜ ਸੇਵੀ ਸੰਸਥਾਵਾਂ ਹੀ ਪੰਜਾਬ ਭਰ ਵਿੱਚ ਸੇਵਾ ਕਾਰਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਥਾਈਂ ਪੁਲੀਸ ਵੱਲੋਂ ਰਾਹਤ ਸਮੱਗਰੀ ਵਾਲੇ ਰਾਸ਼ਨ ਰੋਕਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ।
ਉਨ੍ਹਾਂ ਭਾਜਪਾ ਆਗੂ ਦੀ ਕੁੱਟਮਾਰ ਕਰਨ ਦੀ ਨਿੰਦਾ ਕਰਦਿਆਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਜ਼ਿੰਮੇਵਾਰ ‘ਆਪ’ ਵਰਕਰਾਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਨਹੀਂ ਤਾਂ ਭਾਜਪਾ ਵੱਲੋਂ ਥਾਣਾ ਲਾਡੋਵਾਲ ਦੇ ਬਾਹਰ ਧਰਨਾ ਦੇ ਕੇ ਇਨਸਾਫ਼ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ।