ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ 21 ਅਤੇ 22 ਜੂਨ ਨੂੰ ਪਹਿਲੀ ਵਾਰ ਲੁਧਿਆਣਾ ਦੌਰਾ ਕਰਨ ਆਉਣਗੇ। ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਕੌਮੀ ਪ੍ਰਧਾਨ ਦੇ ਦੌਰੇ ਨੇ ਸਿਆਸਤ ਭਖ਼ਾ ਦਿੱਤੀ ਹੈ। ਲੁਧਿਆਣਾ ਵਿੱਚ ਲੋਕ ਸਭਾ ਚੋਣਾਂ ਦੌਰਾਨ ਕਈ ਵਿਧਾਨ ਸਭਾ ਸੀਟਾਂ ’ਤੇ ਪਿਛਲੀਆਂ ਚੋਣਾਂ ਵਿੱਚ ਭਾਜਪਾ ਨੇ ਬਹੁਤ ਵਧੀਆ ਵੋਟਾਂ ਹਾਸਲ ਕੀਤੀਆਂ ਸਨ, ਜਿਸ ਨੂੰ ਦੇਖਦਿਆਂ ਪਾਰਟੀ ਨੇ ਇੱਥੇ ਕੌਮੀ ਪ੍ਰਧਾਨ ਦਾ ਦੌਰਾ ਕਰਵਾਉਣ ਦੀ ਯੋਜਨਾ ਉਲੀਕੀ ਹੈ। ਭਾਜਪਾ ਦੇ ਆਗੂ ਪੱਬਾਂ ਭਾਰ ਹਨ ਅਤੇ ਜ਼ਿਲ੍ਹਾ ਜਥੇਬੰਦੀ ਲਗਾਤਾਰ ਮੀਟਿੰਗਾਂ ਕਰ ਰਹੀ ਹੈ।
ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਜਥੇਬੰਦਕ ਬੈਠਕ ਕੀਤੀ ਗਈ, ਜਿਸ ਵਿੱਚ ਸੰਗਠਨ ਮੰਤਰੀ ਸ੍ਰੀਨਿਵਾਸੁਲੂ, ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਉਪ-ਪ੍ਰਧਾਨ ਜਤਿੰਦਰ ਮਿੱਤਲ ਅਤੇ ਸੂਬਾ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਕੌਮੀ ਪ੍ਰਧਾਨ ਦੇ ਭਰਵੇਂ ਸਵਾਗਤ, ਵੱਖ-ਵੱਖ ਪ੍ਰੋਗਰਾਮਾਂ ਦੀ ਰੂਪ-ਰੇਖਾ ਅਤੇ ਵਰਕਰਾਂ ਦੀਆਂ ਡਿਊਟੀਆਂ ਬਾਰੇ ਚਰਚਾ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਕੌਮੀ ਪ੍ਰਧਾਨ ਦਾ ਇਹ ਦੌਰਾ ਲੁਧਿਆਣਾ ਦੇ ਵਰਕਰਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਅਤੇ ਇਸ ਨੂੰ ਇਤਿਹਾਸਕ ਬਣਾਉਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ।
ਜਥੇਬੰਦਕ ਸਕੱਤਰ ਸ੍ਰੀਨਿਵਾਸੁਲੂ ਨੇ ਦੱਸਿਆ ਕਿ ਇਸ ਦੌਰੇ ਦੇ ਨਾਲ ਵਰਕਰਾਂ ਵਿੱਚ ਉਤਸ਼ਾਹ ਪੈਦਾ ਹੋਵੇਗਾ।
ਉਨ੍ਹਾਂ ਦੱਸਿਆ ਕਿ 21 ਜੂਨ ਨੂੰ ਲੁਧਿਆਣਾ ਪੁੱਜਣ ’ਤੇ ਉਨ੍ਹਾਂ ਦਾ ਕਈ ਥਾਵਾਂ ’ਤੇ ਸਵਾਗਤ ਕੀਤਾ ਜਾਵੇਗਾ। ਇਸੇ ਦੌਰਾਨ 22 ਜੂਨ ਨੂੰ ਮੀਟਿੰਗ ਹੋਵੇਗੀ, ਜਿਸ ਵਿੱਚ ਵੱਖ-ਵੱਖ ਵਰਕਰਾਂ ਨਾਲ ਗੱਲਬਾਤ ਕੀਤੀ ਜਾਵੇਗੀ।

