ਭਾਜਪਾ ਮਹਿਲਾ ਮੋਰਚਾ ਵੱਲੋਂ ‘ਆਪ’ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਗੁਰਿੰਦਰ ਸਿੰਘ
ਲੁਧਿਆਣਾ, 17 ਜੂਨ
ਭਾਜਪਾ ਮਹਿਲਾ ਮੋਰਚਾ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਮੁਜ਼ਾਹਰਾ ਕਰਕੇ ਔਰਤਾਂ ਲਈ ਐਲਾਨੀ 1100 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦੀ ਮੰਗ ਕੀਤੀ ਗਈ।
ਅੱਜ ਜਵਾਹਰ ਨਗਰ ਵਿੱਚ ਚੋਣ ਪ੍ਰਚਾਰ ਦੌਰਾਨ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਬੀਬੀ ਜੈ ਇੰਦਰ ਕੌਰ ਦੀ ਅਗਵਾਈ ਹੇਠ ਮਹਿਲਾ ਵਰਕਰਾਂ ਨੇ ਰੋਸ ਪ੍ਰਗਟ ਕਰਦਿਆਂ ਮਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਔਰਤਾਂ ਨੇ ਨਾਅਰੇ ਲਿਖੀਆਂ ਤਖ਼ਤੀਆਂ ਵੀ ਚੁੱਕੀਆਂ ਹੋਈਆਂ ਸਨ।
ਇਸ ਮੌਕੇ ਭਾਜਪਾ ਦੀ ਸੂਬਾ ਸਕੱਤਰ ਰੇਨੂ ਥਾਪਰ ਨੇ ਦੱਸਿਆ ਕਿ ਚੋਣ ਪ੍ਰਚਾਰ ਦੌਰਾਨ ਵੱਖ ਵੱਖ ਇਲਾਕਿਆਂ ਵਿੱਚ ਔਰਤਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਐਲਾਨੀ ਪੈਨਸ਼ਨ ਨਾ ਦੇਣ ਤੇ ਦੁੱਖ ਪ੍ਰਗਟ ਕੀਤਾ ਅਤੇ ਭਾਜਪਾ ਆਗੂਆਂ ਨੂੰ ਇਸ ਸਬੰਧੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਵਾਅਦਾ ਪੂਰਾ ਨਾ ਕਰਨ ਕਾਰਨ ਪ੍ਰਤੀ ਔਰਤ 44 ਹਜ਼ਾਰ ਰੁਪਏ ਦਾ ਬਕਾਇਆ ਪੰਜਾਬ ਸਰਕਾਰ ਵੱਲ ਇਕੱਠਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਹ ਰਕਮ ਔਰਤਾਂ ਨੂੰ ਦੇਣ ਲਈ ਤੁਰੰਤ ਕਾਰਵਾਈ ਕਰੇ।
ਇਸ ਮੌਕੇ ਮਹਿਲਾ ਮੋਰਚਾ ਪ੍ਰਧਾਨ ਜੈਇੰਦਰ ਕੌਰ ਨੇ ਐਲਾਨ ਕੀਤਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠ 2027 ਵਿੱਚ ਬਣਨ ਵਾਲੀ ਸਰਕਾਰ ਔਰਤਾਂ ਨੂੰ ਬਣਦਾ ਮਾਣ ਸਨਮਾਨ ਦੇਵੇਗੀ। ਉਨ੍ਹਾਂ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਵੋਟਾਂ ਪਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਮਹਿਲਾ ਪ੍ਰਧਾਨ ਸ਼ੀਨੂ ਚੁੱਘ, ਸੀਮਾ ਵਰਮਾ, ਨਿੱਕੀ ਸ਼ਰਮਾ, ਜੀਤ ਕੌਰ, ਰਜਨੀ ਸ਼ਰਮਾ ਅਤੇ ਮਨਿੰਦਰ ਕੌਰ ਸਮੇਤ ਕਈ ਔਰਤਾਂ ਹਾਜ਼ਰ ਸਨ।