84 ਦੇ ਪੀੜਤਾਂ ਨੂੰ ਨੌਕਰੀਆਂ ਦੇਣ ਦੀ ਭਾਜਪਾ ਵੱਲੋਂ ਸ਼ਲਾਘਾ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 28 ਮਈ
ਭਾਰਤੀ ਜਨਤਾ ਪਾਰਟੀ ਪੰਜਾਬ ਨੇ ਕੇਂਦਰ ਸਰਕਾਰ ਅਤੇ ਦਿੱਲੀ ਪ੍ਰਸ਼ਾਸਨ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤ ਪਰਿਵਾਰਾਂ ਨੂੰ ਨਿਆਂ ਦਿਵਾਉਣ ਲਈ ਚੱਲ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਅੱਜ ਇੱਥੇ ਭਾਜਪਾ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ, ਕਮਲਦੀਪ ਸਿੰਘ ਸੋਹੀ ਅਤੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਭਾਜਪਾ 1984 ਕਤਲੇਆਮ ਦੇ ਪ੍ਰਭਾਵਿਤ ਸਾਰੇ ਸਿੱਖ ਪਰਿਵਾਰਾਂ ਲਈ ਨਿਆਂ, ਮਾਣ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ 125 ਵਿਅਕਤੀਆਂ ਨੂੰ ਭਾਜਪਾ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੁਆਰਾ ਦਿੱਲੀ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿੱਚ ਨੌਕਰੀ ਲਈ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਨਿਰਧਾਰਤ ਵੱਡੇ ਢਾਂਚੇ ਦੀ ਪਾਲਣਾ ਕਰਦਿਆਂ ਕੀਤਾ ਗਿਆ ਹੈ, ਜੋ ਉਨ੍ਹਾਂ ਨੇ 2015 ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ ਬਣਾਈ ਸੀ ਅਤੇ ਦੋਸ਼ੀਆਂ ਨੂੰ ਇਤਿਹਾਸਕ ਸਜ਼ਾਵਾਂ ਯਕੀਨੀ ਬਣਾਈਆਂ ਸਨ।
ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਕਾਂਗਰਸ ਪਾਰਟੀ 1984 ਦੇ ਸਿੱਖ ਕਤਲੇਆਮ ਵਿੱਚ ਆਪਣੀ ਭੂਮਿਕਾ ਅਤੇ ਦਹਾਕਿਆਂ ਤੱਕ ਦੋਸ਼ੀਆਂ ਨੂੰ ਬਚਾਉਣ ਲਈ ਕੀਤੀ ਚਾਰਾਜੋਈ ਲਈ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੌਕੇ ਨਰਿੰਦਰ ਸਿੰਘ ਮੱਲ੍ਹੀ, ਯਸ਼ਪਾਲ ਜਨੋਤਰਾ, ਨਿਰਮਲ ਨਈਅਰ ਅਤੇ ਡਾਕਟਰ ਸਤੀਸ਼ ਕੁਮਾਰ ਵੀ ਹਾਜ਼ਰ ਸਨ।