ਗੁਰਿੰਦਰ ਸਿੰਘ
ਲੁਧਿਆਣਾ, 23 ਮਈ
ਨੂਰਵਾਲਾ ਰੋਡ ਸਥਿਤ ਸੰਨਿਆਸ ਨਗਰ ਵਿੱਚ ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਤਿੰਨ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਭਾਜਪਾ ਦੇ ਸੂਬਾ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਵੱਲੋਂ 1-1 ਲੱਖ ਰੁਪਏ ਦੇ ਚੈੱਕ ਭੇਟ ਕੀਤੇ ਗਏ ਹਨ।
ਭਾਜਪਾ ਆਗੂਆਂ ਗੁਰਦੇਵ ਸ਼ਰਮਾ ਦੇਬੀਫ, ਜਤਿੰਦਰ ਮਿੱਤਲ ਅਤੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਕੇ ਹਮਦਰਦੀ ਪ੍ਰਗਟ ਕੀਤੀ ਹੈ। ਇਸ ਮੌਕੇ ਸ੍ਰੀ ਦੇਬੀ ਨੇ ਕਿਹਾ ਕਿ ਇਹ ਜ਼ਹਿਰੀਲੀ ਸ਼ਰਾਬ ਨਾਲ ਮੌਤ ਨਹੀਂ ਹੋਈਆਂ, ਸਗੋਂ ਕਤਲ ਹੋਏ ਹਨ। ਇਸ ਲਈ ਇਸ ਮਾਮਲੇ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਮ੍ਰਿਤਕਾਂ ਦੀਆਂ ਆਤਮਾਵਾਂ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਅਤੇ ਜ਼ਿਲ੍ਹਾ ਭਾਜਪਾ ਪੀੜ੍ਹਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਪੰਜਾਬ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਘੱਟੋ ਘੱਟ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਨਵਲ ਜੈਨ, ਲੱਕੀ ਸ਼ਰਮਾ, ਡਾ. ਸਤੀਸ਼ ਕੁਮਾਰ, ਰਵੀ ਬੱਤਰਾ, ਹਿਮਾਂਸ਼ੂ ਕਾਲੜਾ, ਰਵੀ ਚੌਰਸੀਆ, ਨਿਤਿਨ ਬੱਤਰਾ, ਸੰਜੀਵ ਸ਼ਰਮਾ ਤੇ ਹੋਰ ਹਾਜ਼ਰ ਸਨ।