ਭਾਜਪਾ ਦਿਹਾਤੀ ਜ਼ਿਲ੍ਹਾ ਇਕਾਈ ਨੇ ਕੇਂਦਰ ਸਰਕਾਰ ਵੱਲੋਂ ਜੀਐਸਟੀ ਦਰਾਂ ਵਿੱਚ ਕਟੌਤੀ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਇਸ ਫ਼ੈਸਲੇ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਅੱਜ ਇੱਥੇ ਫਲਾਵਰ ਇਨਕਲੇਵ ਵਿੱਚ ਹੋਈ ਵਰਕਰਾਂ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਕੀਤੀਆਂ ਜੀਐੱਸਟੀ ਦਰਾਂ ''ਚ ਕਟੌਤੀਆਂ ਦਾ ਸਿੱਧਾ ਲਾਭ ਆਮ ਜਨਤਾ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਹਮੇਸ਼ਾਂ ਲੋਕ-ਭਲਾਈ ਨੂੰ ਤਰਜ਼ੀਹ ਦਿੱਤੀ ਹੈ ਅਤੇ ਇਹ ਫ਼ੈਸਲਾ ਵੀ ਗਰੀਬ, ਮਜ਼ਦੂਰ, ਕਿਸਾਨ, ਘਰੇਲੂ ਔਰਤਾਂ ਅਤੇ ਮੱਧ ਵਰਗ ਦੇ ਲੋਕਾਂ ਦੀ ਜੇਬ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਹੁਣ ਘਰੇਲੂ ਵਰਤੋਂ ਵਾਲੀਆਂ ਵਸਤਾਂ ਦਵਾਈਆਂ, ਖੇਤੀਬਾੜੀ ਉਪਕਰਨ, ਸੈਨੇਟਰੀ ਆਈਟਮ, ਰੋਜ਼ਮਰ੍ਹਾ ਦੀ ਵਰਤੋਂ ਵਾਲਾ ਸਮਾਨ ਅਤੇ ਰਾਸ਼ਨ ਆਦਿ ਸਸਤਾ ਹੋ ਜਾਵੇਗਾ, ਜਿਸ ਨਾਲ ਹਰ ਵਰਗ ਨੂੰ ਵੱਡੀ ਰਾਹਤ ਮਿਲੇਗੀ। ਸਨੀ ਕੈਂਥ ਨੇ ਵਰਕਰਾਂ ਨੂੰ ਕਿਹਾ ਕਿ ਉਹ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰਦਿਆਂ ਘਰ ਘਰ ਜਾ ਕੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ ਤਾਂ ਜੁ ਦੁਕਾਨਦਾਰ ਉਨ੍ਹਾਂ ਨੂੰ ਨਵੀਂ ਕੀਮਤ ਮੁਤਾਬਿਕ ਚੀਜ਼ਾਂ ਵੇਚ ਸੱਕਣ।