ਗੁਰਿੰਦਰ ਸਿੰਘ
ਲੁਧਿਆਣਾ, 21 ਅਕਤੂਬਰ
ਭਾਰਤੀ ਜਨਤਾ ਯੁਵਾ ਮੋਰਚਾ ਦੇ ਸੈਂਕੜੇ ਵਰਕਰਾਂ ਨੇ ਅੱਜ ਨਗਰ ਨਿਗਮ ਦਫ਼ਤਰ ਏ ਜ਼ੋਨ ਦੇ ਬਾਹਰ ਧਰਨਾ ਦਿੱਤਾ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਡੇਂਗੂ ਅਤੇ ਮਲੇਰੀਆ ਦੇ ਵੱਧ ਰਹੇ ਮਾਮਲਿਆਂ ਬਾਰੇ ਜਗਾਉਣ ਲਈ ਪੀਪਨੀਆਂ ਵਜਾ ਕੇ ਇਸ ਪ੍ਰਤੀ ਕਦਮ ਚੁੱਕਣ ਦੀ ਮੰਗ ਕੀਤੀ। ਜ਼ਿਲ੍ਹਾ ਭਾਜਪਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਅਤੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਕੁਸ਼ਾਗਰ ਕਸ਼ਯਪ ਦੀ ਅਗਵਾਈ ਹੇਠ ਧਰਨਾਕਾਰੀਆਂ ਨੇ ਹੱਥਾਂ ਵਿੱਚ ਨਾਅਰੇ ਲਿਖੀਆਂ ਤਖ਼ਤੀਆਂ ਵੀ ਚੁੱਕੀਆਂ ਹੋਈਆਂ ਸਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਡੇਂਗੂ ਦੀ ਬਿਮਾਰੀ ਹਰ ਸਾਲ ਆਉਂਦੀ ਹੈ ਅਤੇ ਕਈ ਕੀਮਤੀ ਜਾਨਾਂ ਨੂੰ ਆਪਣਾ ਸ਼ਿਕਾਰ ਬਣਾਉਂਦੀ ਹੈ ਪਰ ਨਗਰ ਨਿਗਮ ਦੇ ਮੇਅਰ ਅਤੇ ਅਧਿਕਾਰੀ ਇਸ ਬਿਮਾਰੀ ’ਤੇ ਕਾਬੂ ਪਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਪੀੜਤ ਲੋਕ ਮਹਿੰਗੇ ਇਲਾਜ ਕਾਰਨ ਦੁਖੀ ਅਤੇ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਨਾ ਤਾਂ ਫੌਗਿੰਗ ਕੀਤੀ ਜਾ ਰਹੀ ਹੈ ਅਤੇ ਨਾ ਹੀ ਸਫ਼ਾਈ ਦੀ ਮੰਦੀ ਹਾਲਤ ਵੱਲ ਕੋਈ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਵਿੱਚ ਵੀ ਅਸਫ਼ਲ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸੁਝਾਅ ਦਿੱਤਾ ਕਿ ਉਹ ਵਾਰਡ ਵਾਰ ਨਗਰ ਨਿਗਮ ਦੇ ਅਧਿਕਾਰੀਆਂ, ਮੁਲਾਜ਼ਮਾਂ ਅਤੇ ਮੁਹੱਲਾ ਵਾਸੀਆਂ ਦੀਆਂ ਸਾਂਝੀਆਂ ਕਮੇਟੀਆਂ ਬਣਾ ਕੇ ਜਾਗਰੂਕਤਾ ਮੁਹਿੰਮ ਚਲਾਉਣ। ਇਸ ਮੌਕੇ ਕਾਤੇਂਦੂ ਸ਼ਰਮਾ, ਮਨੋਜ ਅਰੋੜਾ, ਹਰੀਸ਼ ਸੱਗੜ, ਗੌਰਵ ਵਰਮਾ, ਅਜਿੰਦਰ ਸਿੰਘ, ਰੋਹਿਤ ਬਤਰਾ ਹਾਜ਼ਰ ਸਨ।