ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਮੀਤ ਪ੍ਰਧਾਨ ਮਨੋਹਰ ਸਿੰਘ ਕਲਾੜ ਨੇ ਪਿੰਡ ਜਾਹਲਾਂ (ਪਟਿਆਲੇ) ਵਿੱਚ ਪੁਲੀਸ ਵੱਲੋਂ ਕਿਸਾਨਾਂ ਤੇ ਕਿਸਾਨ ਬੀਬੀਆਂ ਨੂੰ ਖੇਤਾਂ ਵਿੱਚ ਘਸੀਟਣ ਤੇ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਭਾਰਤ ਮਾਲਾ ਪ੍ਰਾਜੈਕਟ ਤਹਿਤ ਉਪਜਾਊ ਜ਼ਮੀਨਾਂ ਜਬਰੀ ਐਕੁਆਇਰ ਕੀਤੀਆਂ ਜਾ ਰਹੀਆਂ ਹਨ ਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਵੀ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਉਕਤ ਕਿਸਾਨ 70 ਸਾਲਾਂ ਤੋਂ ਜਿਨ੍ਹਾਂ ਜ਼ਮੀਨਾਂ ’ਤੇ ਖੇਤੀ ਕਰ ਰਹੇ ਹਨ ਅੱਜ ਉਹ ਜ਼ਮੀਨਾਂ ਡੰਡੇ ਦੇ ਜ਼ੋਰ ’ਤੇ ਉਨ੍ਹਾਂ ਤੋਂ ਹਥਿਆਈਆਂ ਜਾ ਰਹੀਆਂ ਹਨ।
ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਲੈਂਡ ਪੂਲਿੰਗ ਤਹਿਤ ਕਿਸਾਨਾਂ ਨੂੰ ਉਜਾੜਨ ਜਾ ਰਹੀ ਹੈ ਪਹਿਲਾਂ ਵੀ ਸੜਕਾਂ, ਗੈਸ ਪਾਈਪ ਲਾਈਨ ਕੱਢਣ ਤੇ ਹੁਣ ਲੈਂਡ ਬੈਂਕ ਤੇ ਲੈਂਡ ਪੂਲਿੰਗ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਐਕੁਆਇਰ ਕਰਕੇ ਕਾਰਪੋਰੇਟਾਂ ਦੇ ਹਵਾਲੇ ਕਰਨ ਵਾਲੇ ਨੋਟੀਫੀਕੇਸ਼ਨ ਲਿਆ ਰਹੀ ਹੈ। ਇਸ ਤਹਿਤ ਹੀ ਐੱਸਕੇਐੱਮ ਦੀਆਂ ਜਥੇਬੰਦੀਆਂ ਵੱਲੋਂ 30 ਜੁਲਾਈ ਨੂੰ ਪ੍ਰਭਾਵਿਤ ਪਿੰਡਾਂ ਵਿੱਚ ਟਰੈਕਟਰ ਮਾਰਚ ਵੀ ਕੱਢਿਆ ਜਾ ਰਿਹਾ ਹੈ। ਆਗੂਆਂ ਕਿਹਾ ਕਿ ਜ਼ਮੀਨ ਸ਼ੰਘਰਸ਼ ਕਮੇਟੀ ਦੇ ਮਜ਼ਦੂਰਾਂ ਦੀ ਆਵਾਜ਼ ਨੂੰ ਜਬਰੀ ਦਬਾਇਆ ਜਾ ਰਿਹਾ ਹੈ ਤੇ ਅਣਐਲਾਨੀਆਂ ਪਾਬੰਦੀਆਂ ਮੜ੍ਹੀਆਂ ਜਾ ਰਹੀਆਂ ਹਨ, ਇਨ੍ਹਾਂ ਵਿਰੁੱਧ 25 ਜੁਲਾਈ ਨੂੰ ਸੰਗਰੂਰ ਵਿੱਚ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਵੱਡੀ ਪੱਧਰ ’ਤੇ ਲੋਕਾਂ ਨੂੰ ਜਾਣ ਦੀ ਅਪੀਲ ਵੀ ਕੀਤੀ।