ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਪਿੰਡ ਟੰਡੀ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਕੁਲਦੀਪ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਸਰਕਾਰ ਲੈਂਡ ਪੂਲਿੰਗ ਨੀਤੀ ਨਾਲ ਜੋ ਜ਼ਮੀਨ ਐਕੁਆਇਰ ਕਰ ਰਹੀ ਹੈ ਉਸ ਨਾਲ ਪੰਜਾਬ ਦਾ ਉਜਾੜਾ ਹੋਵੇਗਾ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਸਰਕਾਰ ਪਿੰਡਾਂ ਦੇ ਪਿੰਡ ਖ਼ਤਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਸਰਕਾਰ ਕਾਰਪੋਰੇਟ ਘਰਾਣਿਆਂ ਦਾ ਜ਼ਮੀਨਾਂ ’ਤੇ ਕਬਜ਼ਾ ਕਰਵਾ ਦੇਵੇਗੀ। ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਨੀਤੀ ਦਾ ਵਿਰੋਧ ਕਰਨ ਲਈ ਪਹਿਲਾਂ ਟਰੈਕਟਰ ਮਾਰਚ ਕੀਤਾ ਗਿਆ ਸੀ ਤੇ ਹੁਣ ਸੰਯੁਕਤ ਕਿਸਾਨ ਮੋਰਚੇ ਵੱਲੋਂ 24 ਅਗਸਤ ਨੂੰ ਸਮਰਾਲਾ ਵਿੱਚ ਜੋ ਰੈਲੀ ਕੀਤੀ ਜਾ ਰਹੀ ਹੈ ਉਸ ਵਿਚ ਇਲਾਕੇ ਦੇ ਕਿਸਾਨ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੇ। ਇਸ ਮੌਕੇ ਜੋਰਾ ਸਿੰਘ ਸ਼ੇਰਗੜ੍ਹ, ਹਰਪ੍ਰੀਤ ਸਿੰਘ ਭੈਣੀ ਸਾਹਿਬ, ਗੁਰਮੇੇਲ ਸਿੰਘ ਖਾਨਪੁਰ, ਪਰਮਜੀਤ ਸਿੰਘ, ਸਤਨਾਮ ਸਿੰਘ, ਸੁਖਦੀਪ ਸਿੰਘ, ਗੁਰਨਾਮ ਸਿੰਘ ਵੀ ਮੌਜੂਦ ਸਨ।