ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ 24 ਅਗਸਤ ਨੂੰ ਸਮਰਾਲਾ ਵਿੱਚ ਹੋ ਰਹੀ ਮਹਾਪੰਚਾਇਤ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ।
ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਜਸਵੀਰ ਸਿੰਘ ਅਸਗਰੀਪੁਰ ਤੇ ਦਲਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨਾਂ ਖੋਹਣ ਦੇ ਵਿਰੋਧ ਵਿੱਚ ਸਮਰਾਲਾ ਵਿੱਚ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀ ਤਿਆਰੀ ਲਈ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਖ਼ਾਸ ਕਰ ਕੇ ਪ੍ਰਭਾਵਿਤ ਪਿੰਡਾਂ ’ਤੇ ਜ਼ੋਰ ਦਿੱਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਸਾਰੇ ਪੰਜਾਬ ਭਰ ਵਿੱਚੋਂ ਕਿਸਾਨਾਂ ਦਾ ਜਥੇ ਇੱਥੇ ਪਹੁੰਚਣਗੇ ਅਤੇ ਸਰਕਾਰ ਨੂੰ ਨੋਟੀਫੀਕੇਸ਼ਨ ਰੱਦ ਕਰਵਾਉਣ ਲਈ ਲਈ ਆਪਣੀ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਕਾਰਪੋਰੇਟਾਂ ਨੂੰ ਜ਼ਮੀਨਾਂ ਸੰਭਾਲਣ ਲਈ ਇਹ ਨੀਤੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਇਹ ਸੰਘਰਸ਼ ਹੁਣ ਦਿੱਲੀ ਦੀ ਤਰਜ਼ ’ਤੇ ਸਾਂਝੀ ਲੜਾਈ ਤੇ ਲੰਬੇ ਦਮ ਰੱਖ ਕੇ ਲੜਣ ਲਈ ਦੀ ਲੋੜ ਹੈ।
ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਜ਼ਮੀਨਾਂ ਸਰਕਾਰ ਨੂੰ ਹੜੱਪਣ ਨਹੀਂ ਦੇਣਗੇ।