ਨਿੱਜੀ ਪੱਤਰ ਪ੍ਰੇਰਕ
ਖੰਨਾ, 11 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਇਥੋਂ ਦੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿੱਚ ਅਰਦਾਸ ਕਰਨ ਉਪਰੰਤ ‘ਪੌਦੇ ਲਗਾਉ ਵਾਤਾਵਰਣ ਬਚਾਉ’ ਮੁਹਿੰਮ ਦਾ ਅਗਾਜ਼ ਕੀਤਾ ਗਿਆ। ਇਸ ਸਬੰਧੀ ਪ੍ਰਗਟ ਸਿੰਘ ਕੋਟ ਪਨੈਚ ਨੇ ਕਿਹਾ ਕਿ ਅੱਜ ਜੱਥੇਬੰਦੀ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਲੁਧਿਆਣਾ ’ਚ ਸਾਰੀਆਂ ਬਲਾਕਾਂ ਦੇ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਵੱਲੋਂ ਬੂਟੇ ਲਾ ਕੇ ਮੁਹਿੰਮ ਨੂੰ ਹੁਲਾਰਾ ਦਿੱਤਾ ਗਿਆ। ਇਸ ਮੌਕੇ ਗੁਰਦੁਆਰੇ ਦੇ ਮੈਨੇਜਰ ਗੁਰਪ੍ਰੀਤ ਸਿੰਘ ਨੇ ਬੂਟੇ ਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਇਨ੍ਹਾਂ ਦੀ ਸੇਵਾ ਸੰਭਾਲ ਦਾ ਪ੍ਰਣ ਕੀਤਾ। ਇਸ ਮੌਕੇ ਰਜਿੰਦਰ ਸਿੰਘ ਨੇ ਸਮੂਹ ਭਾਈਚਾਰਿਆਂ ਨੂੰ ਅਪੀਲ ਕੀਤੀ ਕਿ ਹਰ ਵਿਅਕਤੀ ਨੂੰ ਇਕ ਇਕ ਬੂਟਾ ਲਾ ਕੇ ਉਸ ਦੀ ਸੇਵਾ ਸੰਭਾਲ ਕਰਨੀ ਚਾਹੀਦੀ ਹੈ। ਇਸ ਮੌਕੇ ਪਰਮਜੀਤ ਸਿੰਘ, ਗੁਰਦੀਪ ਸਿੰਘ, ਭਿੰਦਰ ਸਿੰਘ, ਗੁਰਦੀਪ ਸਿੰਘ, ਅਜਮੇਰ ਸਿੰਘ, ਧਨਰਾਜ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਬੂਟੇ ਲਾਏ ਜਾਣਗੇ।
ਸਮਰਾਲਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਕਿਸਾਨ ਸੰਘਰਸ਼ ਕਮੇਟੀ, ਆਜ਼ਾਦ ਕਿਸਾਨ ਯੂਨੀਅਨ, ਕਿਸਾਨ ਮਜ਼ਦੂਰ ਫੈਡਰੇਸ਼ਨ ਅਤੇ ਸੰਯੁਕਤ ਸਮਾਜ ਮੋਰਚੇ ਵੱਲੋਂ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਬੂਟੇ ਲਾਉਣ ਦੀ ਮੁਹਿੰਮ ਜੋਰ ਸ਼ੋਰ ਨਾਲ ਸ਼ੁਰੂ ਹੋ ਗਈ। ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਾਫ ਸੁਥਰੇ ਵਾਤਾਵਰਨ ਲਈ ਦਰੱਖਤ ਲਾਉਣੇ ਬੇਹੱਦ ਜ਼ਰੂਰੀ ਹਨ। ਉਨ੍ਹਾਂ ਬੂਟੇ ਦੇਣ ਅਤੇ ਸਹਿਯੋਗ ਲਈ ਜੰਗਲਾਤ ਵਿਭਾਗ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ 31 ਜੁਲਾਈ ਤੱਕ ਜਾਰੀ ਰਹੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ ਆਪਣੇ ਟਿਊਬਵੈੱਲ ਉੱਤੇ ਬੂਟੇ ਲਾਉਣ।