ਪੱਤਰ ਪ੍ਰੇਰਕ
ਪਾਇਲ, 20 ਅਪਰੈਲ
ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਇੱਥੇ ਬਲਾਕ ਪੱਧਰੀ ਸਿਹਤ ਮੇਲਾ ਲਾਇਆ ਗਾਇਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤਾ। ਇਹ ਮੇਲਾ ਸਿਵਲ ਸਰਜਨ ਐੱਸ.ਪੀ ਸਿੰਘ ਦੇ ਨਿਰਦੇਸ਼ਾਂ ‘ਤੇ ਸੀਐੱਚਸੀ ਪਾਇਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਸਿੰਘ ਸੇਖੋਂ ਦੀ ਅਗਵਾਈ ‘ਚ ਲਾਇਆ ਗਿਆ ਹੈ। ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਆਪਣੇ ਸੰਬੋਧਨ ਦੌਰਾਨ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸੀਐੱਚਸੀ ਦੀ ਸਮੁੱਚੀ ਟੀਮ ਵੱਲੋਂ ਇਸ ਮੇਲੇ ਨੂੰ ਕਰਵਾਉਣ ਲਈ ਅਤੇ ਲੋਕਾਂ ਨੂੰ ਮਿਲ ਰਹੀਆਂ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ। ਡਾ. ਸੇਖੋਂ ਨੇ ਦੱਸਿਆ ਕਿ ਅੱਜ ਦੇ ਮੇਲੇ ਵਿੱਚ ਤਕਰੀਬਨ 684 ਲੋਕਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਵਿਧਾਇਕ ਨੂੰ ਮੰਗਾਂ ਸਬੰਧੀ ਇਕ ਪੱਤਰ ਸੌਂਪਿਆ, ਜਿਸ ਨੂੰ ਪ੍ਰਾਪਤ ਕਰਦਿਆਂ ਗਿਆਸਪੁਰਾ ਨੇ ਸਿਹਤ ਅਧਿਕਾਰੀਆਂ ਨੂੰ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ।