ਲਾਡੋਵਾਲ ਟੌਲ ਪਲਾਜ਼ਾ ਨੇੜਿਓਂ ਸ਼ੱਕੀ ਹਾਲਾਤ ਵਿੱਚ ਲਾਸ਼ ਬਰਾਮਦ
ਸਨਅਤੀ ਸ਼ਹਿਰ ਵਿੱਚ ਸੂਬੇ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੌਲ ਪਲਾਜ਼ਾ ਦੇ ਨੇੜਿਓਂ ਅਣਪਛਾਤੇ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤ ਵਿੱਚ ਮਿਲੀ ਹੈ। ਲਾਸ਼ ਖੇਤਾਂ ਨੇੜੇ ਪਈ ਦੇਖ ਕੇ ਇੱਕ ਰਾਹਗੀਰ ਨੇ ਆਸ-ਪਾਸ ਦੇ ਲੋਕਾਂ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਲਾਡੋਵਾਲ ਪੁਲੀਸ ਸਟੇਸ਼ਨ ਨੂੰ ਜਾਣਕਾਰੀ ਦਿੱਤੀ। ਪੁਲੀਸ ਮੌਕੇ ’ਤੇ ਪਹੁੰਚੀ। ਉਨ੍ਹਾਂ ਲਾਸ਼ ਕਬਜ਼ੇ ਵਿੱਚ ਲੈ ਕੇ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਪਛਾਣ ਨਹੀਂ ਹੋ ਸਕੀ। ਪੁਲੀਸ ਨੇ ਮ੍ਰਿਤਕ ਬਾਰੇ ਜਾਣਕਾਰੀ ਲੈਣ ਲਈ ਆਸ ਪਾਸ ਦੇ ਲੋਕਾਂ ਨੂੰ ਵੀ ਬੁਲਾਇਆ, ਪਰ ਕਿਸੇ ਨੂੰ ਉਸ ਬਾਰੇ ਪਤਾ ਨਹੀਂ ਲੱਗਿਆ। ਪੁਲੀਸ ਨੇ ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਅਧਿਕਾਰੀ ਏ ਐੱਸ ਆਈ ਮਨਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਇੱਕ ਲਾਸ਼ ਖੇਤਾਂ ਵਿੱਚ ਪਈ ਹੋਈ ਹੈ। ਜਾਂਚ ਕਰਨ ’ਤੇ ਮ੍ਰਿਤਕ ਦੀ ਲੱਤ ’ਤੇ ਸੱਟ ਦੇ ਨਿਸ਼ਾਨ ਮਿਲੇ, ਜਿਸ ਤੋਂ ਪਤਾ ਲੱਗਦਾ ਹੈ ਕਿ ਉਸ ਨੂੰ ਕਿਸੇ ਜਾਨਵਰ ਨੇ ਖਾਧਾ ਹੋਵੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 35 ਤੋਂ 40 ਸਾਲ ਦੱਸੀ ਜਾ ਰਹੀ ਹੈ। ਉਸ ਦੇ ਚਿਹਰੇ ਨੂੰ ਵੀ ਜਾਨਵਰਾਂ ਨੇ ਨੋਚਿਆ ਹੋਇਆ ਹੈ, ਜਿਸ ਕਾਰਨ ਪਛਾਣ ਕਰਨਾ ਮੁਸ਼ਕਲ ਹੋ ਗਿਆ। ਉਨ੍ਹਾਂ ਕਿਹਾ ਕਿ ਉਸ ਦੀਆਂ ਜੇਬਾਂ ਵਿੱਚੋਂ ਕੋਈ ਵੀ ਚੀਜ਼ ਨਹੀਂ ਮਿਲੀ ਜੋ ਉਸ ਦੀ ਪਛਾਣ ਹੋ ਸਕੇ। ਫਿਲਹਾਲ ਨੇੜਲੇ ਲੋਕਾਂ ਤੋਂ ਪੁੱਛ-ਪੜਤਾਲ ਕੀਤੀ ਗਈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਰੱਖਵਾ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ 72 ਘੰਟਿਆਂ ਬਾਅਦ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ ਜਿਸ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ।
