ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭਾਜਪਾ ਤੇ ‘ਆਪ’ ਦੋਵੇਂ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ: ਖਾਲਸਾ

ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਨੇ ਦੋਵੇਂ ਪਾਰਟੀਆਂ ਨੂੰ ਪੰਜਾਬ ਵਿਰੋਧੀ ਗਰਦਾਨਿਆ
Advertisement

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 25 ਜੂਨ

Advertisement

ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਮੇਜਰ ਸਿੰਘ ਖ਼ਾਲਸਾ ਨੇ ਦੋਸ਼ ਲਗਾਇਆ ਹੈ ਕਿ

ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਪੰਜਾਬ, ਪੰਜਾਬੀ, ਤੇ ਪੰਜਾਬੀਅਤ ਵਿਰੋਧੀ ਪਾਰਟੀਆਂ ਹਨ ਅਤੇ ਇਨ੍ਹਾਂ ਦਾ ਪੰਜਾਬ ਅੰਦਰ ਵੱਧਦਾ ਸਿਆਸੀ ਪ੍ਰਭਾਵ ਗੰਭੀਰ ਚਿੰਤਾ ਦਾ ਵਿਸ਼ਾ ਹੈ। ਅੱਜ ਇੱਥੇ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਇਹ ਆਰਐੱਸਐੱਸ ਦੀਆਂ ਸ਼ਾਖਾਵਾਂ ਹਨ ਜਿਨ੍ਹਾਂ ਦਾ ਏਜੰਡਾ ਸੰਘੀ ਢਾਂਚੇ ਨੂੰ ਸਮਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਘੱਟ ਗਿਣਤੀਆਂ ਖ਼ਾਸ ਕਰਕੇ ਸਿੱਖੀ ਦੇ ਪਸਾਰੇ ਲਈ ਖ਼ਤਰਾ ਹਨ।

ਭਾਈ ਖਾਲਸਾ ਨੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਕਦੇ ਵੀ ਪੰਜਾਬ ਦੇ ਹਿੱਤ ਵਿੱਚ ਆਵਾਜ਼ ਨਹੀਂ ਉਠਾਈ। ਚਾਹੇ ਪੰਜਾਬ ਦੇ ਪਾਣੀਆਂ ਦੀ ਗੱਲ ਹੋਵੇ, ਕਿਰਸਾਨੀ ਦੇ ਮੁੱਦੇ ਉੱਤੇ, ਪੰਜਾਬੀ ਬੋਲਦੇ ਇਲਾਕੇ ਸੂਬੇ ਨੂੰ ਦੇਣ ਬਾਰੇ, ਜੇਲ੍ਹਾਂ ਵਿੱਚ ਸਜ਼ਾਵਾਂ ਕੱਟ ਚੁੱਕੇ ਸਿੱਘਾਂ ਦੀ ਰਿਹਾਈ ਆਦਿ ਮੰਗਾਂ ਲਈ ਹਮੇਸ਼ਾ ਵਿਰੋਧ ਵਿੱਚ ਖੜ੍ਹੇ ਹੋਏ ਹਨ। ਪੰਜਾਬ ਵਿੱਚ ਫ਼ਿਰਕੂ ਨਫ਼ਰਤ, ਆਰਥਿਕ ਅਸਥਿਰਤਾ ਅਤੇ ਹਿੰਸਕ ਹਿੰਦੂ ਰਾਸ਼ਟਰਵਾਦੀ ਸੰਗਠਨਾਂ ਰਾਹੀ ਦਹਿਸ਼ਤ ਪੈਦਾ ਕਰਨਾ ਇਨ੍ਹਾਂ ਦੀ ਰਾਜਨੀਤੀ ਦਾ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਅੱਜ ਵੀ ਬਣਦਾ ਮਾਣ ਸਤਿਕਾਰ ਨਹੀਂ ਮਿਲਿਆ ਅਤੇ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਬੋਲਣ ਵਾਲੇ ਬੱਚਿਆਂ ਤੋਂ ਜ਼ੁਰਮਾਨਾ ਲਿਆ ਜਾਂਦਾ ਹੈ। ਇਸ ਤੋਂ ਇਲਾਵਾ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਵਿੱਚ ਵੀ ਪੰਜਾਬੀ ਭਾਸ਼ਾ ਅਪਣੀ ਹੋਂਦ ਲਈ ਤਰਸ ਰਹੀ ਹੈ। ਉਨ੍ਹਾਂ ਕਿਹਾ ਕਿ ਫੈੱਡਰੇਸ਼ਨ ਜਲਦੀ ਹੀ ਪੰਜਾਬ ਵਿੱਚ ਕਾਰਜਸ਼ੀਲ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਪੰਜਾਬ ਦੀ ਖ਼ੁਦਮੁਖਤਿਆਰੀ, ਪੰਜਾਬ ਦੇ ਪਾਣੀਆਂ, ਪੰਜਾਬ ਤੋਂ ਅਲੱਗ ਕੀਤੇ ਇਲਾਕੇ ਪੰਜਾਬ ਵਿੱਚ ਸ਼ਾਮਲ ਕਰਨ ਆਦਿ ਮੰਗਾਂ ਪੂਰੀਆਂ ਕਰਨ ਸਬੰਧੀ ਉਨ੍ਹਾ ਦੇ ਵਿਚਾਰ ਜਾਨਣ ਲਈ ਉਨ੍ਹਾਂ ਨਾਲ ਮਿਲਕੇ ਵਿਚਾਰ ਚਰਚਾ ਕਰੇਗੀ ਤਾਂ ਕਿ ਮੰਗਾਂ ਦੀ ਪ੍ਰਾਪਤੀ ਵਾਸਤੇ ਨਿੱਘਰ ਹੱਲ ਕੱਢਿਆ ਜਾਵੇ।

ਉਨ੍ਹਾਂ ਐਲਾਨ ਕੀਤਾ ਕਿ ਫੈਡਰੇਸ਼ਨ ਵੱਲੋਂ ਜਲਦੀ ਹੀ ਪੰਜਾਬ ਅੰਦਰ ਨੌਜਵਾਨ ਪੀੜ੍ਹੀ ਨੂੰ ਮਾਂ ਬੋਲੀ ਪੰਜਾਬੀ ਨਾਲ ਜੋੜਣ ਅਤੇ ਪੰਜਾਬੀਅਤ ਦੀ ਮਜ਼ਬੂਤੀ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਪੰਜਾਬ ਦੀ ਧਰਤੀ ਨਾਲ ਜੋੜ ਕੇ ਰੱਖਿਆ ਜਾ ਸਕੇ।

Advertisement