ਮੁੰਡੀਆਂ ਨੇ ਸਾਹਨੇਵਾਲ ਦੇ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਰਾਹਤ ਸਮੱਗਰੀ ਵੰਡੀ
ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੋਹਾੜਾ ਦਫ਼ਤਰ ਵਿੱਚ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਹੜ੍ਹ ਦੀ ਮਾਰ ਝੱਲ ਰਹੇ ਪਿੰਡਾਂ ਨੂੰ ਤਰਪਾਲਾਂ, ਰਾਸ਼ਨ ਕਿੱਟਾਂ ਅਤੇ ਹੋਰ ਰਾਹਤ ਸਮੱਗਰੀ ਵੰਡੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਨਿਰੰਤਰ ਹਮਦਾਦ ਕੀਤੀ ਜਾ ਰਹੀ ਹੈ ਅਤੇ ਜਦੋਂ ਤੱਕ ਹਾਲਾਤ ਆਮ ਵਾਂਗ ਨਹੀਂ ਹੋ ਜਾਂਦੇ, ਇਹ ਜਾਰੀ ਰਹੇਗੀ। ਉਨ੍ਹਾਂ ਨਾਲ ਚੇਅਰਮੈਨ ਜੋਰਾਵਰ ਸਿੰਘ, ਪੀਏ ਰਸ਼ਪਾਲ ਸਿੰਘ ਤੇ ਇਲਾਕਾ ਨਿਵਾਸੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਚੁਣੌਤੀਪੂਰਨ ਸਮੇਂ ਦੌਰਾਨ ਆਪਣੇ ਭੈਣਾਂ-ਭਰਾਵਾਂ ਨਾਲ ਇੱਕਜੁੱਟਤਾ ਨਾਲ ਖੜ੍ਹੇ ਹੋਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਇਸ ਕੁਦਰਤੀ ਆਫਤ ਦਾ ਮੁਕਾਬਲਾ ਕਰਨ ਲਈ ਇਕਜੁੱਟ ਹੋਣ 'ਤੇ ਜ਼ੋਰ ਦਿੱਤਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੰਭਾਵੀ ਹੜ੍ਹ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਪੂਰੀ ਯੋਜਨਾਬੰਦੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸਬੰਧਤ ਵਿਭਾਗਾਂ ਦੀਆਂ ਟੀਮਾਂ ਸਤਲੁਜ ਦਰਿਆ ਦੀ ਲਗਾਤਾਰ ਨਿਗਰਾਨੀ ਕਰ ਰਹੀਆਂ ਹਨ। ਉਨ੍ਹਾਂ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਗੁਰੇਜ ਕਰਨ ਲਈ ਵੀ ਕਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਦੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਪੱਧਰ 'ਤੇ ਕੋਈ ਕਮੀ ਨਾ ਰਹਿ ਜਾਵੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਮ ਸਥਿਤੀ ਦੀ ਜਲਦ ਬਹਾਲੀ ਲਈ ਅਰਦਾਸ ਕਰਨ ਦੀ ਅਪੀਲ ਵੀ ਕੀਤੀ।