ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 10 ਸਤੰਬਰ
ਜਨਮ ਦੇ ਪਹਿਲੇ ਘੰਟੇ ਵਿੱਚ ਨਵ-ਜੰਮੇ ਬੱਚਿਆਂ ਨੂੰ ਮਾਂ ਦਾ ਦੁੱਧ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਵਿੱਚ ਜੱਚਾ-ਬੱਚਾ ਕੇਂਦਰ ਵਿਖੇ ਬ੍ਰੈਸਟ ਮਿਲਕ ਪੰਪ ਬੈਂਕ ਸਥਾਪਤ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਮਾਂ ਦੇ ਦੁੱਧ ਤੋਂ ਪ੍ਰਾਪਤ ਹੋਣ ਵਾਲੇ ਜ਼ਰੂਰੀ ਪੌਸ਼ਟਿਕ ਤੱਤ ਤੇ ਐਂਟੀਬਾਡੀਜ਼ ਪ੍ਰਾਪਤ ਹੋ ਸਕਣ ਜੋ ਉਨ੍ਹਾਂ ਦੇ ਵਿਕਾਸ ਲਈ ਬੇਹੱਦ ਮਹੱਤਵਪੂਰਨ ਹਨ। ਇਹ ਪੰਜਾਬ ਦਾ ਇਸ ਤਰ੍ਹਾਂ ਦਾ ਪਹਿਲਾ ਬੈਂਕ ਹੈ, ਜਿੱਥੇ ਸਿਹਤ ਕਰਮਚਾਰੀ ਪੰਪ ਰਾਹੀਂ ਮਾਂ ਦਾ ਦੁੱਧ ਪ੍ਰਾਪਤ ਕਰ ਸਕਣਗੇ ਅਤੇ ਨਵ-ਜੰਮੇ ਬੱਚਿਆਂ ਨੂੰ ਦੇਣਗੇ ਕਿਉਂਕਿ ਜ਼ਿਆਦਾਤਰ ਨਵ-ਜੰਮੇ ਬੱਚੇ ਮਾਂ ਦਾ ਦੁੱਧ ਚੁੰਘਣ ਤੋਂ ਅਸਮਰੱਥ ਹੁੰਦੇ ਹਨ। ਪੰਪ ਬੈਂਕ ਦਾ ਉਦਘਾਟਨ ਨਿਗਮ ਕੌਂਸਲਰ ਮਮਤਾ ਆਸ਼ੂ, ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਸਹਾਇਕ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਕੀਤਾ।