ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਅੱਜ ਨੇੜਲੇ ਪਿੰਡ ਗਾਲਿਬ ਕਲਾਂ ਵਿੱਚ ਹਲਕਾ ਇੰਚਾਰਜ ਪਰਗਣ ਬਿਲਗਾ ਦੀ ਅਗਵਾਈ ਹੇਠ ਹੋਈ। ਸਭ ਤੋਂ ਪਹਿਲਾਂ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਸਮੀਖਿਆ ਕੀਤੀ ਗਈ ਅਤੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਦਾ ਰੋਡ ਮੈਪ ਤਿਆਰ ਕੀਤਾ ਗਿਆ।
ਇਸ ਉਪਰੰਤ ਬਰਨਾਲਾ ਵਿੱਚ ਪੁਲੀਸ ਤਸ਼ੱਦਦ ਦੀ ਨਿਖੇਧੀ ਕਰਦਿਆਂ ਬਸਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਇਸ ਸਭ ਦਾ ਹਿਸਾਬ ਲੈਣਗੇ। ਉਨ੍ਹਾਂ ਕਿਹਾ ਕਿ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸਰਕਾਰ ਦੇ ਲੋਕ ਵਿਰੋਧੀ ਫ਼ੈਸਲਿਆਂ ਤੋਂ ਜਾਣੂ ਕਰਵਾਇਆ ਜਾਵੇਗਾ। ਸਫ਼ਾਈ ਸੇਵਕਾਂ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ। ਇਸ ਦੌਰਾਨ ਜ਼ਿਲ੍ਹਾ ਪੱਧਰ ’ਤੇ ਭਲਕੇ ਬਸਪਾ ਵੱਲੋਂ ਡਿਪਟੀ ਕਮਿਸ਼ਨਰਾਂ ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਲ ਹੋਣ ਲਈ ਲਾਮਬੰਦੀ ਵੀ ਕੀਤੀ ਗਈ।
ਪ੍ਰਧਾਨ ਰਛਪਾਲ ਸਿੰਘ ਗਾਲਿਬ ਨੇ ਕਿਹਾ ਕਿ ਅਫਸੋਸ ਦੀ ਗੱਲ ਇਹ ਹੈ ਕਿ ਦਲਿਤ ਸਮਾਜ ਆਬਾਦੀ ਵਿੱਚ ਪਹਿਲੇ ਦਰਜੇ ਵਿੱਚ ਹੋਣ ਦੇ ਬਾਵਜੂਦ ਵੀ ਪੰਜਾਬ ਵਿੱਚ ਕਦੇ ਸ਼ਾਸਕ ਨਹੀਂ ਬਣ ਸਕਿਆ। ਪੰਜਾਬੀਆਂ ਨੂੰ ਇਕ ਵਾਰ ਬਹੁਜਨ ਸਮਾਜ ਪਾਰਟੀ ਨੂੰ ਮੌਕਾ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਬਣਨ ’ਤੇ ਪੰਜਾਬ ਵਿੱਚ ਵੀ ਲੋੜਵੰਦ ਲੋਕਾਂ ਨੂੰ ਉੱਤਰ ਪ੍ਰਦੇਸ਼ ਦੀ ਤਰਜ਼ ’ਤੇ ਜ਼ਮੀਨਾਂ ਵੰਡੀਆਂ ਜਾਣਗੀਆਂ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਜਨਰਲ ਸਕੱਤਰ ਅਮਰਜੀਤ ਸਿੰਘ ਭੱਟੀ, ਡਾ. ਸੁਖਵਿੰਦਰ ਸਿੰਘ, ਲਖਬੀਰ ਸਿੰਘ ਸੀਰਾ, ਲਛਮਣ ਸਿੰਘ, ਸੂਬੇਦਾਰ ਸਾਧੂ ਸਿੰਘ ਅਤੇ ਬਬਲਾ ਸਿੰਘ ਹਾਜ਼ਰ ਸਨ।

