ਦੇਵਿੰਦਰ ਸਿੰਘ ਜੱਗੀ
ਪਾਇਲ, 17 ਸਤੰਬਰ
ਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬਸਪਾ-ਅਕਾਲੀ ਦਲ ਗੱਠਜੋੜ ਵੱਲੋਂ ਸਾਬਕਾ ਚੇਅਰਮੈਨ ਵਰਿੰਦਰਜੀਤ ਸਿੰਘ ਵਿੱਕੀ ਬੇਰ ਕਲਾਂ ਦੀ ਅਗਵਾਈ ਵਿੱਚ ਕੱਦੋ ਚੌਕ ਪਾਇਲ ਵਿੱਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਕੇਂਦਰ ਸਰਕਾਰ ਅਤੇ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਬਸਪਾ ਦੇ ਸੀਨੀਅਰ ਆਗੂ ਰਾਮ ਸਿੰਘ ਗੋਗੀ ਨੇ ਕਿਹਾ ਕਿ ਮੋਦੀ ਸਰਕਾਰ ਕਾਲੇ ਕਾਨੂੰਨਾਂ ਰਾਹੀਂ ਕਿਸਾਨਾਂ-ਮਜ਼ਦੂਰਾਂ ਨੂੰ ਲਤਾੜ ਕੇ ਕਾਰਪੋਰੇਟ ਘਰਾਣਿਆਂ ਨੂੰ ਮਾਲੋ-ਮਾਲ ਕਰਨ ’ਤੇ ਤੁਲੀ ਹੋਈ ਹੈ, ਜੋ ਹੋਣ ਨਹੀਂ ਦਿਆਂਗੇ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ’ਤੇ ਵਰ੍ਹਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਵਿੱਚ ਕੈਪਟਨ ਸਿੰਘ ਦਾ ਵੱਡਾ ਰੋਲ ਹੈ ਕਿਉਂਕਿ ਉਹ ਕੇਂਦਰੀ ਕਮੇਟੀ ਦੇ ਮੈਂਬਰ ਸਨ। ਇਸ ਮੌਕੇ ਰਣਜੀਤ ਸਿੰਘ ਲਲਹੇੜੀ, ਸਤਿਨਾਮ ਸਿੰਘ ਪਾਇਲ ਆਦਿ ਹਾਜ਼ਰ ਸਨ।
ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਹਲਕਾ ਰਾਏਕੋਟ ਦੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਸੰਧੂ ਦੀ ਪਤਨੀ ਬੀਬੀ ਮਨਦੀਪ ਕੌਰ ਸੰਧੂ ਦੀ ਅਗਵਾਈ ਵਿਚ ਸਥਾਨਕ ਅਨਾਜ ਮੰਡੀ ਵਿਚ ਵਿਵਾਦਤ ਖੇਤੀ ਕਾਨੂੰਨਾਂ, ਕੇਂਦਰੀ ਹਕੂਮਤ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਬੀਬੀ ਸੰਧੂ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਬਦਲੇ ਭਾਰੀ ਰਾਜਨੀਤਿਕ ਨੁਕਸਾਨ ਉਠਾਉਣਾ ਪਵੇਗਾ। ਸਾਬਕਾ ਚੇਅਰਮੈਨ ਮਿਹਰ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਵਾਦਤ ਕਾਨੂੰਨ ਵਾਪਸ ਲੈਣੇ ਕੇਂਦਰ ਦੀ ਇਕ ਦਿਨ ਮਜਬੂਰੀ ਬਣ ਜਾਵੇਗੀ।