ਬੱਸ ਮੁਲਾਜ਼ਮਾਂ ਦੀ ਹੜਤਾਲ ਖ਼ਤਮ
ਬੱਸ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਦੀ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ ਕਈ ਮੰਗਾਂ ਤੇ ਸਹਿਮਤੀ ਹੋਣ ਨਾਲ ਜਥੇਬੰਦੀਆਂ ਵੱਲੋਂ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਮੁਲਾਜ਼ਮ ਆਗੂਆਂ ਨੇ ਹੜਤਾਲ ਖ਼ਤਮ ਕਰਨ ਦਾ ਐਲਾਨ ਕੀਤਾ।
ਅੱਜ ਸਵੇਰੇ ਹੜਤਾਲ ਦੇ ਤੀਜੇ ਦਿਨ ਮੁਲਾਜ਼ਮਾਂ ਵੱਲੋਂ ਆਮ ਵਾਂਗ ਹੜਤਾਲ ਕਰ ਕੇ ਧਰਨਾ ਦਿੱਤਾ ਗਿਆ ਪਰ ਇਸ ਦੌਰਾਨ ਬਾਅਦ ਦੁਪਹਿਰ ਸਰਕਾਰ ਨਾਲ ਸਮਝੌਤਾ ਹੋਣ ਦੀ ਸੂਚਨਾ ਮਿਲਦੇ ਹੀ ਧਰਨਾ ਖ਼ਤਮ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਸੱਤ ਘੰਟੇ ਦੇ ਕਰੀਬ ਚੱਲੀ ਮੀਟਿੰਗ ਦੌਰਾਨ ਸਹਿਮਤੀ ਬਣਨ ਨਾਲ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ।
ਇਸ ਦੌਰਾਨ ਕਈ ਨੇੜਲੇ ਰੂਟਾਂ ’ਤੇ ਬੱਸਾਂ ਆਮ ਵਾਂਗ ਚੱਲੀਆਂ ਪਰ ਹੜਤਾਲ ਖ਼ਤਮ ਹੋਣ ਦੀ ਸੂਚਨਾ ਨਾ ਹੋਣ ਦੀ ਸੂਰਤ ਵਿੱਚ ਸਵਾਰੀਆਂ ਦੀ ਗਿਣਤੀ ਕਾਫ਼ੀ ਘੱਟ ਸੀ। ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਕੱਲ੍ਹ ਸਵੇਰ ਤੋਂ ਬੱਸਾਂ ਆਮ ਵਾਂਗ ਚੱਲਣਗੀਆਂ। ਉਨ੍ਹਾਂ ਪਿਛਲੇ ਦਿਨਾਂ ਦੌਰਾਨ ਹੜਤਾਲ ਕਾਰਨ ਮੁਸਾਫ਼ਰਾਂ ਨੂੰ ਹੋਈ ਮੁਸ਼ਕਲ ਲਈ ਅਫ਼ਸੋਸ ਵੀ ਪ੍ਰਗਟ ਕੀਤਾ ਹੈ।
