ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਸਰਕਾਰ ਨੇ ਕਿਸਾਨਾਂ ਨਾਲ ਮੀਟਿੰਗ ਦੌਰਾਨ ਕੀਤੇ ਗਏ ਫ਼ੈਸਲਿਆਂ ਨੂੰ ਲਾਗੂ ਕਰਨ ਦੀ ਥਾਂ ਉਨ੍ਹਾਂ ਨੂੰ ਉਜਾੜਨ ਦੀ ਕਾਰਵਾਈ ਜਾਰੀ ਰੱਖੀ ਗਈ ਤਾਂ ਉਹ ਕਿਸਾਨਾਂ ਦੇ ਵਿਰੋਧ ਲਈ ਤਿਆਰ ਰਹੇ। ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਕਿਸਾਨਾਂ ਤੋਂ ਜ਼ਮੀਨਾਂ ਨੂੰ ਖੋਹਣ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 18 ਮਈ 2022 ਨੂੰ ਹੋਈ ਮੀਟਿੰਗ ਵਿੱਚ ਅਤੇ ਉਸ ਤੋਂ ਬਾਅਦ ਕਿਸਾਨਾਂ ਨਾਲ ਹੋਈਆ ਹੋਰ ਮੀਟਿੰਗਾਂ ਵਿੱਚ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਕੇ ਪੰਜਾਬ ਸਰਕਾਰ ਵਾਅਦਾਖ਼ਿਲਾਫ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮੀਟਿੰਗ ਵਿੱਚ ਮੰਨਿਆ ਸੀ ਕਿ ਅਬਾਦਕਾਰ ਕਿਸਾਨਾਂ ਅਤੇ ਜੁਮਲਾ ਮੁਸਤਕਰਾ ਮਾਲਕਾਨਾ ਕਿਸਾਨਾਂ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਨਹੀਂ ਖੋਹੀਆਂ ਜਾਣਗੀਆਂ ਪਰ ਸਰਕਾਰ ਵੱਲੋਂ ਅੱਜ ਦੋ-ਦੋ ਢਾਈ-ਢਾਈ ਏਕੜ ਵਾਲੇ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਖੋਹ ਕੇ ਉਨ੍ਹਾਂ ਨੂੰ ਆਰਥਿਕ ਤੰਗੀ ਵਿੱਚ ਧੱਕਦੇ ਹੋਏ ਬੇਰੁਜ਼ਗਾਰ ਕੀਤਾ ਜਾ ਰਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਇਸ ਕਾਰਵਾਈ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।