ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 26 ਜਨਵਰੀ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿੱਚ ਮਨਾਇਆ ਗਿਆ।ਇਸ ਦੌਰਾਨ ਪੰਜਾਬ ਸਰਕਾਰ ਦੇ ਖੇਤੀ ਤੇ ਕਿਸਾਨ ਭਲਾਈ, ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਨੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਹਾਜ਼ਰ ਸਨ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨਾਭਾ ਨੇ ਭਾਰਤੀ ਸੰਵਿਧਾਨ ਦੇ ਰਚਨਹਾਰ ਡਾ. ਭੀਮ ਰਾਓ ਅੰਬੇਡਕਰ ਦੇ ਭਾਰਤੀ ਲੋਕਤੰਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਹੈ। ਉਨ੍ਹਾਂ ਦੇਸ਼ ਦੀ ਫੌਜ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੇ ਪੁਲੀਸ ਬਲਾਂ ਵੱਲੋਂ ਦੇੇਸ਼ ਦੀ ਗਣਤੰਤਰਤਾ ਅਤੇ ਸੰਵਿਧਾਨ ਦੀ ਰਾਖੀ ਲਈ ਕੀਤੇ ਬਲੀਦਾਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਕਿਉਂਕਿ ਕਿਸੇ ਸੂਬੇ ਜਾਂ ਖਿੱਤੇ ਦਾ ਵਿਕਾਸ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ। ਇਸ ਮੌਕੇ ਉਨ੍ਹਾਂ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ। ਸਮਾਗਮ ਦੌਰਾਨ ਵਿਧਾਇਕ ਰਾਕੇਸ਼ ਪਾਂਡੇ, ਵਿਧਾਇਕ ਤੇ ਚੇਅਰਮੈਨ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਕੁਲਦੀਪ ਸਿੰਘ ਵੈਦ, ਵਿਧਾਇਕ ਸੰਜੇ ਤਲਵਾੜ, ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ, ਪੀਐਮਆਈਡੀਬੀ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਮੌਜੂਦ ਸਨ।