ਸੰਤੋਖ ਗਿੱਲ
ਗੁਰੂਸਰ ਸੁਧਾਰ, 2 ਨਵੰਬਰ
ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਸਰਕਾਰ ਵਿਰੁੱਧ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਲੜੀਵਾਰ ਧਰਨੇ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਕਲੈਕਟਰ ਸਿੰਘ ਨਾਰੰਗਵਾਲ ਅਤੇ ਗੁਲਜ਼ਾਰ ਸਿੰਘ ਜੜਤੌਲੀ ਨੇ ਕਿਹਾ ਕਿ ਮੋਦੀ ਹਕੂਮਤ ਵੱਲੋਂ ਕਿਸਾਨਾਂ ਦੇ ਹੱਕੀ ਅੰਦੋਲਨ ਪ੍ਰਤੀ ਗੈਰ-ਜ਼ਿੰਮੇਵਾਰੀ ਵਾਲਾ ਵਤੀਰਾ ਜਮਹੂਰੀਅਤ ਵਿਰੋਧੀ ਹੈ ਅਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਖੇਤੀ ਕਾਨੂੰਨ ਵਾਪਸ ਨਾ ਲਏ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋਂ, ਅਮਰੀਕ ਸਿੰਘ ਜੜਤੌਲੀ, ਦਵਿੰਦਰ ਸਿੰਘ, ਮਲਕੀਤ ਸਿੰਘ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਹਰਿਆਣਾ ਦੇ ਏਲਨਾਬਾਦ ਵਿਧਾਨ ਸਭਾ ਚੋਣ ਵਿਚ ਖੱਟੜ ਸਰਕਾਰ ਕਰੋੜਾਂ ਰੁਪਏ ਵੋਟਾਂ ਖ਼ਰੀਦਣ ਉੱਪਰ ਖ਼ਰਚ ਕਰ ਕੇ ਵੀ ਆਪਣੀ ਇੱਜ਼ਤ ਨਹੀਂ ਬਚਾ ਸਕੀ। ਹਿਮਾਚਲ ਵਿਚ ਵੀ ਕਿਸਾਨ ਘੋਲ ਦਾ ਹੀ ਅਸਰ ਹੈ ਕਿ ਜੁਬਲ-ਕੋਟਖਾਈ ਸੀਟ ’ਤੇ ਭਾਜਪਾ ਦੀ ਜ਼ਮਾਨਤ ਨਹੀਂ ਬਚਾਈ ਜਾ ਸਕੀ।