ਪਰਾਲੀ ਪ੍ਰਬੰਧਨ ਲਈ ਆਧੁਨਿਕ ਖੇਤੀ ਸੰਦਾਂ ਦੀ ਵਰਤੋਂ ਦਾ ਸੱਦਾ
ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਪ੍ਰੇਰਿਤ ਕਰਨ ਲਈ ਚਲਾਈ ਜਾ ਰਹੀ ਵਿਆਪਕ ਜਾਗਰੂਕਤਾ ਮੁਹਿੰਮ ਦੇ ਤਹਿਤ ਵਧੀਕ ਡਿਪਟੀ ਕਮਿਸ਼ਨਰ ਸੁੱਖਪ੍ਰੀਤ ਸਿੰਘ ਸਿੱਧ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਅੱਜ ਪਿੰਡ ਕੰਗਣਵਾਲ, ਭਿਖਮਪੁਰ ਅਤੇ ਕੁੱਪ ਖੁਰਦ ਵਿੱਚ ਵਿਸ਼ੇਸ਼ ਨੁੱਕੜ ਮੀਟਿੰਗਾਂ ਕੀਤੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਪਰਾਲੀ ਪ੍ਰਬੰਧਨ ਸਬੰਧੀ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਵਾਤਾਵਰਨ ਦੂਸ਼ਿਤ ਹੁੰਦਾ ਹੈ, ਸਗੋਂ ਮਨੁੱਖੀ ਸਿਹਤ ’ਤੇ ਵੀ ਗੰਭੀਰ ਅਸਰ ਪੈਂਦਾ ਹੈ। ਇਸ ਲਈ ਜ਼ਰੂਰੀ ਹੈ ਕਿ ਕਿਸਾਨ ਇਨ-ਸੀਟੂ ਅਤੇ ਐਕਸ-ਸੀਟੂ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਪਰਾਲੀ ਦਾ ਯੋਗ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਬੇਲਰ ਅਤੇ ਹੋਰ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਦਿੱਤੇ ਜਾ ਰਹੇ ਸਟਰਾਅ ਰੇਕ, ਬੇਲਰ, ਸੁਪਰ ਐੱਸ ਐੱਮ ਐੱਸ , ਮਲਚਰ, ਪੈਡੀ ਸਟਰਾਅ ਚੌਪਰ, ਉਲਟਾਵੇ ਹਲ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਵਰਗੇ ਸੰਦਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਉਨ੍ਹਾਂ ਨੇ ਖ਼ਾਸ ਤੌਰ ’ਤੇ ਬੇਲਰ ਰਾਹੀਂ ਪਰਾਲੀ ਦੀਆਂ ਗੱਠਾਂ ਬਣਾਕੇ ਇਸਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਖੇਤੀਬਾੜੀ ਅਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੇ ਵੀ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਹੀ ਖਪਾ ਕੇ ਨਾ ਸਿਰਫ਼ ਵਾਤਾਵਰਣ ਦੀ ਸੁਰੱਖਿਆ ਕੀਤੀ ਜਾ ਸਕਦੀ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਈਆਂ ਜਾ ਸਕਦਾ ਹੈ।