ਲੈਂਡ ਪੂਲਿੰਗ ਕਾਨੂੰਨ ਰੱਦ ਕਰਕੇ ਕਿਸਾਨਾਂ ਨੂੰ ਉਜਾੜੇ ਤੋਂ ਬਚਾਉਣ ਦਾ ਸੱਦਾ
ਗੁਰਿੰਦਰ ਸਿੰਘ
ਲੁਧਿਆਣਾ, 8 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਲੈਂਡ ਪੂਲਿੰਗ ਕਾਨੂੰਨ ਨੂੰ ਤੁਰੰਤ ਰੱਦ ਕਰਕੇ ਕਿਸਾਨਾਂ ਨੂੰ ਉਜਾੜੇ ਤੋਂ ਬਚਾਵੇ ਕਿਉਂਕਿ ਇਸ ਕਾਨੂੰਨ ਤਹਿਤ ਜ਼ਮੀਨ ਦਾ ਮਾਲਕ ਕਿਸਾਨ ਇੱਕ ਸੀਰੀ ਬਣ ਕੇ ਰਹਿ ਜਾਵੇਗਾ।
ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਵਿੱਚ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਇੱਕ ਮਤਾ ਪਾਸ ਕਰਕੇ ਕਿਹਾ ਗਿਆ ਹੈ ਕਿ ਲੈਂਡ ਪੂਲਿੰਗ ਕਾਨੂੰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਥੇਬੰਦੀ ਵੱਲੋਂ ਪਿੰਡਾਂ ਵਿੱਚ ਝੰਡਾ ਮਾਰਚ ਕੀਤੇ ਜਾਣਗੇ। ਸੰਯੁਕਤ ਕਿਸਾਨ ਮੋਰਚਾ ਦੇ ਦਿਸ਼ਾ ਨਿਰਦੇਸ਼ ਤਹਿਤ 24 ਅਗਸਤ ਨੂੰ ਮੰਡੀ ਮੁੱਲਾਂਪੁਰ ਵਿੱਚ ਇਸ ਕਾਨੂੰਨ ਵਿਰੁੱਧ ਹੋ ਰਹੇ ਇਕੱਠ ਦੌਰਾਨ ਇਸਨੂੰ ਖ਼ਤਮ ਕਰਨ ਦੀ ਮੰਗ ਕੀਤੀ ਜਾਵੇਗੀ ਅਤੇ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਪ੍ਰੋਗਰਾਮ ਤਿਆਰ ਕੀਤਾ ਜਾਵੇਗਾ।
ਪ੍ਰਧਾਨ ਕਾਦੀਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਨੋਟੀਫਿਕੇਸ਼ਨ ਰਾਹੀਂ ਧਾਰਾ 78-79-30 ਰੱਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਮੁੱਦਾ ਬੜਾ ਗੰਭੀਰ ਮੁੱਦਾ ਹੈ ਕਿਉਂਕਿ ਪੰਜਾਬ ਕੋਲ ਦੂਜੇ ਰਾਜਾਂ ਨੂੰ ਦੇਣ ਲਈ ਪਾਣੀ ਦੀ ਭਾਰੀ ਘਾਟ ਹੈ।
ਇਸ ਮੌਕੇ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਅੱਜ ਕੱਲ ਬਾਜ਼ਾਰਾਂ ਵਿੱਚ ਧੜਾਧੜ ਵਿੱਕ ਰਹੀ ਨਕਲੀ ਡੀਏਪੀ ਦੀ ਖਾਦ ’ਤੇ ਨੱਥ ਪਾਈ ਜਾਵੇ। ਨਕਲੀ ਡੀਏਪੀ ਖਾਦ ਬਣਾਉਣ ਵਾਲੀਆਂ ਫੈਕਟਰੀਆਂ
ਸ਼ਰੇਆਮ ਇਹ ਨਕਲੀ ਖਾਦ ਮਾਰਕੀਟ ਵਿੱਚ ਸਪਲਾਈ ਕਰ ਰਹੀਆਂ ਹਨ।