ਪਿੰਡ ਇਕੋਲਾਹਾ ’ਚ ‘ਸਰਕਾਰ ਤੁਹਾਡੇ ਦੁਆਰ’ ਤਹਿਤ ਕੈਂਪ
ਲੋਕ ਭਲਾਈ ਸਕੀਮਾਂ ਦਾ ਲਾਭ ਘਰ ਘਰ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਵਿਧਾਨ ਸਭਾ ਹਲਕਾ ਖੰਨਾ ਅਧੀਨ ਪੈਂਦੇ ਪਿੰਡ ਇਕੋਲਾਹਾ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਕਰਦਿਆਂ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ’ਤੇ ਹੱਲ ਕੀਤਾ।
ਇਸ ਕੈਂਪ ਵਿੱਚ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸ਼ਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ, ਬੱਚਿਆਂ ਦਾ ਵਿਕਾਸ, ਖੇਤੀਬਾੜੀ ਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਤੇ ਸੈਨੀਟੇਸ਼ਨ, ਪੀਐਸਪੀਸੀਐਲ, ਪੇਂਡੂ ਵਿਕਾਸ ਤੇ ਪੰਚਾਇਤਾਂ ਆਦਿ ਵਿਭਾਗਾਂ ਦੇ ਅਧਿਕਾਰੀਆਂ ਦੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਸ੍ਰੀ ਗਿੱਲ ਨੇ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਲੋਕ ਭਲਾਈ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਆਮ ਆਦਮੀ ਕਲੀਨਿਕ, ਮੁਫ਼ਤ ਬਿਜਲੀ ਅਤੇ ਪੈਨਸ਼ਨ ਵਰਗੇ ਪ੍ਰੋਗਰਾਮਾਂ ਦੀ ਮਹੱਤਤਾ ਤੇ ਚਾਨਣਾ ਪਾਇਆ। ਇਸ ਦੌਰਾਨ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆ ਅਤੇ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਵੀ ਸੌਂਪੇ। ਇਸ ਮੌਕੇ ਤਹਿਸੀਲਦਾਰ ਤਨਵੀਰ ਕੌਰ, ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ, ਬੀਡੀਪੀਓ ਗੁਰਪ੍ਰੀਤ ਸਿੰਘ, ਮਾਸਟਰ ਅਵਤਾਰ ਸਿੰਘ ਤੋਂ ਇਲਾਵਾ ਹੋਰ ਲੋਕ ਹਾਜ਼ਰ ਸਨ।