ਖੁੱਲ੍ਹੇਆਮ ਕੂੜਾ ਸੁੱਟਣ ਵਿਰੁੱਧ ਮੁਹਿੰਮ ਜਾਰੀ ਰੱਖਦੇ ਹੋਏ ਨਗਰ ਨਿਗਮ ਨੇ ਬੁੱਧਵਾਰ ਰਾਤ ਨੂੰ ਉਲੰਘਣਾ ਕਰਨ ਵਾਲੇ 25 ਵਿਅਕਤੀਆਂ ਦੇ ਚਲਾਨ ਕੱਟੇ। ਨਗਰ ਨਿਗਮ ਦੀਆਂ ਟੀਮਾਂ ਦਿਨ-ਰਾਤ ਉਲੰਘਣਾ ਕਰਨ ਵਾਲਿਆਂ ਨੂੰ ਫੜਨ ਲਈ ਚੌਕਸੀ ਰੱਖ ਰਹੀਆਂ ਹਨ। ਇਹ ਚਲਾਨ ਬਸਤੀ ਜੋਧੇਵਾਲ ਚੌਕ ਤੋਂ ਕਾਰਾਬਾਰਾ ਚੌਕ ਵੱਲ ਜਾਣ ਵਾਲੀ ਸੜਕ ’ਤੇ ਉਲੰਘਣਾ ਕਰਨ ਵਾਲਿਆਂ ਨੂੰ ਜਾਰੀ ਕੀਤੇ ਗਏ ਹਨ। ਉਲੰਘਣਾ ਕਰਨ ਵਾਲਿਆਂ ਨੂੰ ਸੜਕਾਂ ਦੇ ਕਿਨਾਰੇ ਸੁੱਟਿਆ ਗਿਆ ਕੂੜਾ ਚੁੱਕਣ ਦੇ ਵੀ ਨਿਰਦੇਸ਼ ਦਿੱਤੇ ਗਏ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੇ ਨਿਰਦੇਸ਼ਾਂ ’ਤੇ ਸ਼ਹਿਰ ਵਿੱਚ ਖੁੱਲ੍ਹੇਆਮ ਕੂੜਾ ਸੁੱਟਣ ਅਤੇ ਕੂੜਾ ਸਾੜਨ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਤ ਤੌਰ ’ਤੇ ਚਲਾਨ ਕੀਤੇ ਜਾ ਰਹੇ ਹਨ। ਨਿਗਮ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਸ਼ਾਖਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕਰਨ ਅਤੇ ਜੇ ਲੋੜ ਪਈ ਤਾਂ ਖੁੱਲ੍ਹੇਆਮ ਕੂੜਾ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
ਸ਼ਹਿਰ ਭਰ ਵਿੱਚ ਜਾਗਰੂਕਤਾ ਅਤੇ ਸਫ਼ਾਈ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ ਅਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵਿਰੁੱਧ ਵੀ ਖੁੱਲ੍ਹੇ ਵਿੱਚ ਕੂੜਾ ਸੁੱਟਣ ਤੇ ਚਲਾਨ ਕੀਤੇ ਜਾ ਰਹੇ ਹਨ। ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਕਿਹਾ ਕਿ ਵਸਨੀਕਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਅਤੇ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਨਗਰ ਨਿਗਮ ਦਾ ਸਾਥ ਦੇਣਾ ਚਾਹੀਦਾ ਹੈ। ਵਸਨੀਕਾਂ ਨੂੰ ਘਰਾਂ ਵਿੱਚੋਂ ਕੂੜਾ ਇਕੱਠਾ ਕਰਨ ਵਾਲਿਆਂ ਨੂੰ ਸੌਂਪਣਾ ਚਾਹੀਦਾ ਹੈ ਜਾਂ ਨਗਰ ਨਿਗਮ ਦੇ ਨਿਰਧਾਰਤ ਸਥਾਨਾਂ ’ਤੇ ਕੂੜਾ ਸੁੱਟਣਾ ਚਾਹੀਦਾ ਹੈ। ਇਸ ਹਫ਼ਤੇ ਦੇ ਸ਼ੁਰੂ ਵਿੱਚ ਵੀ ਨਗਰ ਨਿਗਮ ਦੀਆਂ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਉਲੰਘਣਾ ਕਰਨ ਵਾਲਿਆਂ ਵਿਰੁੱਧ 50 ਚਲਾਨ ਵੀ ਜਾਰੀ ਕੀਤੇ ਸਨ। ਇਸ ਤੋਂ ਪਹਿਲਾਂ, ਘੁਮਾਰ ਮੰਡੀ ਏਰੀਏ ਵਿੱਚ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਵਿਰੁੱਧ ਖੁੱਲ੍ਹੇ ਵਿੱਚ ਕੂੜਾ ਸੁੱਟਣ ਦੇ ਦੋਸ਼ ਵਿੱਚ 112 ਚਲਾਨ ਜਾਰੀ ਕੀਤੇ ਗਏ ਸਨ।

