ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਵੱਲੋਂ ਮੋਮਬੱਤੀ ਮਾਰਚ
ਖੇਤੀਬਾੜੀ ਦੀ ਪੜ੍ਹਾਈ ਕਰ ਰਹੇ ਅਤੇ ਕਰ ਚੁੱਕੇ ਵਿਦਿਆਰਥੀਆਂ ਵੱਲੋਂ ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਦੀ ਅਗਵਾਈ ਹੇਠ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ 20ਵੇਂ ਦਿਨ ਵੀ ਜਾਰੀ ਰਿਹਾ। ਪ੍ਰਦਰਸ਼ਨਕਾਰੀਆਂ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਭਰਨ ਦੀ ਮੰਗ ਕੀਤੀ ਜਾ ਰਹੀ ਹੈ। ਦੂਜੇ ਪਾਸੇ ’ਵਰਸਿਟੀ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਮੁੱਖ ਮੰਤਰੀ ਭਗਵਤ ਸਿੰਘ ਮਾਨ ਨਾਲ ਹੋਈ ਮੀਟਿੰਗ ਵਿੱਚ ਧਰਨੇ ’ਤੇ ਬੈਠੇ ਵਿਦਿਆਰਥੀਆਂ ਦਾ ਮੁੱਦਾ ਵੀ ਰੱਖਿਆ ਸੀ। ਇਸ ਦੌਰਾਨ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਵਿਦਿਆਰਥੀਆਂ ਵੱਲੋਂ ਪਿੰਡਾਂ ਦੇ ਸਕੂਲਾਂ ਵਿੱਚ ਖੇਤੀਬਾੜੀ ਵਿਸ਼ਾ ਲਾਜ਼ਮੀ ਕਰਕੇ ਖੇਤੀਬਾੜੀ ਮਾਸਟਰ ਰੱਖਣ ਦੀ ਮੰਗ ਕੀਤੀ ਜਾ ਰਹੀ ਹੈ ਜੋ ਬਿਲਕੁਲ ਜਾਇਜ਼ ਹੈ। ਡਾ. ਗੋਸਲ ਨੇ ਕਿਹਾ ਕਿ ਜੇਕਰ ਪਿੰਡਾਂ ਦੇ ਸਕੂਲਾਂ ਵਿੱਚ ਖੇਤੀਬਾੜੀ ਦਾ ਵਿਸ਼ਾ ਲਾਜ਼ਮੀ ਹੁੰਦਾ ਹੈ ਤਾਂ ’ਵਰਸਿਟੀ ਨੂੰ ਵੀ ਖੇਤੀਬਾੜੀ ਨਾਲ ਜੁੜੇ ਵਿਦਿਆਰਥੀ ਮਿਲਣਗੇ ਜੋ ਖੇਤੀ ਪ੍ਰਧਾਨ ਸੂਬੇ ਪੰਜਾਬ ਦੇ ਵਿਕਾਸ ਲਈ ਸੋਨੇ ’ਤੇ ਸੁਹਾਗੇ ਦਾ ਕੰਮ ਕਰਨਗੇ। ਮੀਟਿੰਗ ਵਿੱਚ ਡਾ. ਗੋਸਲ ਨਾਲ ਡਾਇਰੈਕਟਰ ਸਟੂਡੈਂਟ ਵੈਲਫੇਅਰ ਡਾ. ਨਿਰਮਲ ਜੌੜਾ ਅਤੇ ਹੋਰ ਅਧਿਕਾਰੀ ਵੀ ਸ਼ਾਮਲ ਹੋਏ ਸਨ।
ਇਸ ਧਰਨੇ ਨੂੰ ਸੰਬੋਧਨ ਕਰਦਿਆਂ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਧਰਨਾ ਲਾਇਆ ਹੋਇਆ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਦੇ ਇੱਕ ਵੀ ਨੁਮਾਇੰਦੇ ਨੇ ਆ ਕੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ’ਵਰਸਿਟੀ ਦੇ ਉਪ ਕੁਲਪਤੀ ਅਤੇ ਹੋਰ ਅਧਿਕਾਰੀਆਂ ਵੱਲੋਂ ਵੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਜਨਟੀਨਾ ਦੇ ਵਫਦ ਨਾਲ ਮੀਟਿੰਗ ਕੀਤੀ ਪਰ ਉਨ੍ਹਾਂ ਦੇ ਧਰਨੇ ਬਾਰੇ ਗੱਲ ਕੀਤੀ ਜਾ ਨਹੀਂ, ਬਾਰੇ ਹਾਲਾਂ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ। ਰੋਸ ਧਰਨੇ ਦੀ ਕੜੀ ਵਜੋਂ ਅੱਜ ਵਿਦਿਆਰਥੀਆਂ ਵੱਲੋਂ ਮੋਮਬੱਤੀਆਂ ਜਗਾ ਕੇ ਰੋਸ ਮਾਰਚ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਵੱਲੋਂ ਖੇਤੀਬਾੜੀ ਨੂੰ ਮਜ਼ਬੂਤ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਪਰ ਦੂਜੇ ਪਾਸੇ ਖੇਤੀਬਾੜੀ, ਬਾਗਬਾਨੀ ਅਤੇ ਹੋਰ ਅਜਿਹੇ ਵਿਭਾਗਾਂ ਵਿੱਚ ਸੈਂਕੜੇ ਅਸਾਮੀਆਂ ਖਾਲੀ ਪਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਸਰਕਾਰ ਖੇਤੀਬਾੜੀ ਦੀ ਪੜ੍ਹਾਈ ਕਰ ਚੁੱਕੇ ਅਤੇ ਕਰ ਰਹੇ ਵਿਦਿਆਰਥੀਆਂ ਨਾਲ ਧੋਖਾ ਕਰ ਰਹੀ ਹੈ। ਐਸੋਸੀਏਸ਼ਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਮੰਗਾਂ ਨੂੰ ਲੈ ਕੇ ਗੰਭੀਰਤਾ ਨਾ ਦਿਖਾਈ ਤਾਂ ਵਿਦਿਆਰਥੀ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ।