ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 23 ਅਪਰੈਲ
ਥਾਣਾ ਲਾਡੋਵਾਲ ਦੀ ਪੁਲੀਸ ਨੇ ਬਾਰ੍ਹਾਂ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਨ੍ਹਾਂ ਨੇ ਬਾਗ਼ਬਾਨੀ ਵਿਭਾਗ ਦੀ ਜ਼ਮੀਨ ਵਿੱਚ ਬੀਜੀ ਕਣਕ ਦੀ ਕਟਾਈ ਕਰਨ ਦੇ ਕੰਮ ਵਿੱਚ ਰੁਕਾਵਟ ਪਾਈ ਹੈ। ਇਸ ਸਬੰਧੀ ਬਾਗਬਾਨੀ ਵਿਕਾਸ ਕੇਂਦਰ ਲਾਡੋਵਾਲ ਦੇ ਬਾਗਬਾਨੀ ਅਫ਼ਸਰ ਅਜੀਤ ਪਾਲ ਸਿੰਘ ਨੇ ਦੱਸਿਆ ਹੈ ਕਿ ਬਾਗ਼ਬਾਨੀ ਵਿਭਾਗ ਦੀ ਜ਼ਮੀਨ ਵਿੱਚ ਕਣਕ ਦੀ ਬਿਜਾਈ ਕੀਤੀ ਹੋਈ ਹੈ। ਕਣਕ ਦੀ ਕਟਾਈ ਚੱਲ ਰਹੀ ਸੀ ਤਾਂ ਇਕ ਔਰਤ ਸੋਨੀਆ, ਲਖਵਿੰਦਰ ਸਿੰਘ ਅਤੇ ਗੁਰਮੇਲ ਸਿੰਘ ਸਣੇ ਅੱਠ-ਦਸ ਜਣਿਆਂ ਨੇ ਕਣਕ ਦੀ ਕਟਾਈ ਦੇ ਕੰਮ ਵਿਚ ਰੁਕਾਵਟ ਪਾਈ ਤੇ ਕੰਮ ’ਤੇ ਲੱਗੇ ਮੁਲਾਜ਼ਮਾਂ ਉੱਪਰ ਹਮਲਾ ਕਰ ਦਿੱਤਾ। ਏਐੱਸਆਈ ਹਰਪਾਲ ਸਿੰਘ ਨੇ ਦੱਸਿਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।