ਲਾਪਤਾ ਨਰਸ ਮਾਮਲੇ ਵਿੱਚ 15 ਦਿਨਾਂ ਬਾਅਦ ਕੇਸ ਦਰਜ
ਸ਼ਹਿਰ ਦੇ ਸਰਾਭਾ ਨਗਰ ਇਲਾਕੇ ਵਿੱਚ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਬਤੌਰ ਨਰਸ ਕੰਮ ਕਰਦੀ ਮੁਟਿਆਰ ਦੇ ਸ਼ੱਕੀ ਹਾਲਾਤ ਵਿੱਚ ਲਾਪਤਾ ਹੋਣ ਦੇ 15 ਦਿਨਾ ਬਾਅਦ ਲੜਕੀ ਦੇ ਪਿਤਾ ਦੀ ਸ਼ਿਕਾਇਤ ’ਤੇ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਗਵਾ ਅਤੇ ਬੰਧਕ ਬਣਾਉਣ...
ਸ਼ਹਿਰ ਦੇ ਸਰਾਭਾ ਨਗਰ ਇਲਾਕੇ ਵਿੱਚ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਬਤੌਰ ਨਰਸ ਕੰਮ ਕਰਦੀ ਮੁਟਿਆਰ ਦੇ ਸ਼ੱਕੀ ਹਾਲਾਤ ਵਿੱਚ ਲਾਪਤਾ ਹੋਣ ਦੇ 15 ਦਿਨਾ ਬਾਅਦ ਲੜਕੀ ਦੇ ਪਿਤਾ ਦੀ ਸ਼ਿਕਾਇਤ ’ਤੇ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਗਵਾ ਅਤੇ ਬੰਧਕ ਬਣਾਉਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲੋਹਾਰਾ ਇਲਾਕੇ ਦੇ ਰਹਿਣ ਵਾਲੇ ਅਭਿਸ਼ੇਕ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੀ ਬੇਟੀ ਫਿਰੋਜ਼ਪੁਰ ਰੋਡ ਸਥਿਤ ਓਰਿਸਨ ਹਸਪਤਾਲ ਵਿੱਚ ਕੰਮ ਕਰਦੀ ਸੀ। ਬੀਤੀ 20 ਮਾਰਚ ਨੂੰ ਸਵੇਰੇ ਕਰੀਬ 8 ਵਜੇ ਉਹ ਖ਼ੁਦ ਆਪਣੀ ਬੇਟੀ ਨੂੰ ਹਸਪਤਾਲ ਛੱਡ ਕੇ ਆਇਆ ਸੀ। ਜਦੋਂ ਸ਼ਾਮ ਤੱਕ ਉਹ ਘਰ ਵਾਪਸ ਨਹੀਂ ਪਰਤੀ, ਤਾਂ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕੀਤੀ, ਪਰ ਕੋਈ ਸੁਰਾਗ ਨਹੀਂ ਮਿਲਿਆ। ਦੱਸਿਆ ਜਾ ਰਿਹਾ ਹੈ ਕਿ ਲੜਕੀ ਨੇ ਪੰਜ ਦਿਨ ਪਹਿਲਾਂ ਹੀ ਹਸਪਤਾਲ ਵਿੱਚ ਨੌਕਰੀ ਸ਼ੁਰੂ ਕੀਤੀ ਸੀ। ਪੀੜਤ ਪਿਤਾ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਉਸ ਦੀ ਬੇਟੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਵਰਗਲਾ ਕੇ ਜਾਂ ਡਰਾ-ਧਮਕਾ ਕੇ ਬੰਧਕ ਬਣਾ ਲਿਆ ਹੈ। ਉਨ੍ਹਾਂ ਨੂੰ ਡਰ ਹੈ ਕਿ ਉਨ੍ਹਾਂ ਦੀ ਬੇਟੀ ਨਾਲ ਕੋਈ ਅਣਹੋਣੀ ਘਟਨਾ ਵਾਪਰ ਸਕਦੀ ਹੈ। ਥਾਣਾ ਸਰਾਭਾ ਨਗਰ ਦੀ ਪੁਲੀਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅਣਪਛਾਤੇ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਵਿੱਚ ਕੇਸ ਦਰਜ ਕਰ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਅਨੁਸਾਰ ਇਲਾਕੇ ਵਿੱਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲਾਪਤਾ ਲੜਕੀ ਦੇ ਮੋਬਾਈਲ ਫ਼ੋਨ ਦੀ ਕਾਲ ਡਿਟੇਲ ਵੀ ਕਢਵਾਈ ਜਾ ਰਹੀ ਹੈ।

