ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 19 ਅਗਸਤ
ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਪਿੰਡ ਰੱਤੋਵਾਲ ਦੇ ਸਾਬਕਾ ਸਰਪੰਚ ਜਗਦੀਪ ਸਿੰਘ ਬਿੱਟੂ ਖ਼ਿਲਾਫ਼ ਥਾਣਾ ਸੁਧਾਰ ਦੀ ਪੁਲੀਸ ਨੇ ਪਿੰਡ ਟੂਸਾ ਵਾਸੀ ਰਾਜ ਮਿਸਤਰੀ ਖੁਸ਼ਪਾਲ ਸਿੰਘ ਨੂੰ ਗਾਲ਼ੀ-ਗਲੋਚ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਲੁਧਿਆਣਾ (ਦਿਹਾਤੀ) ਪੁਲੀਸ ਦੇ ਸਾਈਬਰ ਕ੍ਰਾਈਮ ਉਪ ਪੁਲੀਸ ਕਪਤਾਨ ਵੱਲੋਂ ਕੀਤੀ ਪੜਤਾਲ ਵਿੱਚ ਖੁਸ਼ਪਾਲ ਸਿੰਘ ਦੇ ਦੋਸ਼ਾਂ ਦੀ ਪੁਸ਼ਟੀ ਬਾਅਦ ਜ਼ਿਲ੍ਹਾ ਪੁਲੀਸ ਮੁਖੀ ਹਰਜੀਤ ਸਿੰਘ ਦੇ ਆਦੇਸ਼ ਅਨੁਸਾਰ ਕੇਸ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਕਰਮਜੀਤ ਸਿੰਘ ਅਨੁਸਾਰ ਮਾਮਲੇ ਦੀ ਜਾਂਚ ਅਫ਼ਸਰ ਥਾਣੇਦਾਰ ਗੁਰਚਰਨ ਸਿੰਘ ਨੂੰ ਸੌਂਪੀ ਗਈ ਹੈ। ਕਾਂਗਰਸ ਦੇ ਬਲਾਕ ਪ੍ਰਧਾਨ ਜਗਦੀਪ ਸਿੰਘ ਨੇ ਵੀ ਲਿਖਤੀ ਸ਼ਿਕਾਇਤ ਵਿੱਚ ਰਾਜ ਮਿਸਤਰੀ ਖੁਸ਼ਪਾਲ ਸਿੰਘ ਖ਼ਿਲਾਫ਼ ਪੈਸੇ ਲੈ ਕੇ ਮੁੱਕਰਨ ਤੇ ਸਾਮਾਨ ਚੋਰੀ ਕਰਨ ਦੇ ਦੋਸ਼ ਲਾਏ ਸਨ। ਖੁਸ਼ਪਾਲ ਸਿੰਘ ਨੇ ਕਾਂਗਰਸ ਦੇ ਬਲਾਕ ਪ੍ਰਧਾਨ ਤੇ ਉਸਦੇ ਪੁੱਤਰ ਖ਼ਿਲਾਫ਼ ਸ਼ਿਕਾਇਤ ਕੀਤੀ ਸੀ।