ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਜੂਨ
ਥਾਣਾ ਮਾਡਲ ਟਾਊਨ ਦੀ ਪੁਲੀਸ ਨੇ ਇਕ ਔਰਤ ਸਮੇਤ ਚਾਰ ਜਣਿਆਂ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ ਜਿਨ੍ਹਾਂ ’ਤੇ ਇੱਕ ਸਮਾਜ ਸੇਵੀ ਦੇ ਘਰ ਉਪਰ ਹਮਲਾ ਕਰ ਕੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਅਸ਼ੋਕ ਨਗਰ ਵਾਸੀ ਤ੍ਰਿਸ਼ੂਲ ਔਲ ਨੇ ਦੱਸਿਆ ਕਿ ਉਹ ਇਲਾਕੇ ਵਿੱਚ ਪਾਣੀ ਦੀ ਸਮੱਸਿਆ ਕਾਰਨ ਪਾਰਕ ਵਿੱਚ ਟਿਊਬਵੈੱਲ ਠੀਕ ਕਰਾ ਰਿਹਾ ਸੀ ਤਾਂ 3-4 ਜਣੇ ਉਸ ਨਾਲ ਬਹਿਸਬਾਜ਼ੀ ਕਰਨ ਲੱਗ ਪਏ ਅਤੇ ਧਮਕੀਆਂ ਦਿੰਦੇ ਹੋਏ ਚਲੇ ਗਏ। ਇਸ ਮਗਰੋਂ ਉਨ੍ਹਾਂ ਮਨੋਹਰ ਨਗਰ ਸਥਿਤ ਉਸ ਦੇ ਘਰ ’ਤੇ ਹਮਲਾ ਕਰਕੇ ਉਸ ਦੀ ਕੁੱਟਮਾਰ ਕੀਤੀ ਤੇ ਫਰਾਰ ਹੋ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਮਾਡਲ ਟਾਊਨ ਵਾਸੀ ਸੰਜੀਵ ਬੇਗ਼ੜ, ਉਸ ਦੇ ਲੜਕੇ ਮੋਨੂੰ ਬੇਗ਼ੜ, ਨੂੰਹ ਜੋਤੀ ਬੇਗ਼ੜ ਅਤੇ ਛੋਟੇ ਲੜਕੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪੀੜਤ ਨੂੰ ਇਨਸਾਫ਼ ਦਿੱਤਾ ਜਾਵੇਗਾ।