ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 26 ਨਵੰਬਰ
ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਪੱਕੇ ਮੋਰਚੇ ਉੱਪਰ ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦਿੱਲੀ ਦੀਆਂ ਸਰਹੱਦਾਂ ਉੱਪਰ ਕਿਸਾਨੀ ਅੰਦੋਲਨ ਦਾ ਇਕ ਸਾਲ ਪੂਰਾ ਹੋਣ ’ਤੇ ਇਸ ਵਰ੍ਹੇ ਨੂੰ ਯਾਦਗਾਰੀ ਅਤੇ ਸੰਘਰਸ਼ਮਈ ਵਰ੍ਹਾ ਐਲਾਨਿਆ। ਜਮਹੂਰੀ ਕਿਸਾਨ ਸਭਾ ਦੇ ਆਗੂ ਸੁਰਜੀਤ ਸਿੰਘ ਸੀਲੋਂ ਅਤੇ ਅਮਰੀਕ ਸਿੰਘ ਜੜਤੌਲੀ ਨੇ ਕਿਹਾ ਕਿ ਅੰਦੋਲਨ ਨੂੰ ਫ਼ੇਲ੍ਹ ਕਰਨ ਲਈ ਮੋਦੀ ਸਰਕਾਰ, ਉਸ ਦੇ ਜੋਟੀਦਾਰਾਂ ਅਤੇ ਕਾਰਪੋਰੇਟ ਘਰਾਣਿਆਂ ਵੱਲੋਂ ਕੋਈ ਕਸਰ ਨਹੀਂ ਛੱਡੀ ਗਈ ਪਰ ਲੋਕਾਂ ਦੇ ਏਕੇ ਅਤੇ ਸਿਦਕ ਸਦਕਾ ਇਹ ਅੰਦੋਲਨ ਸਫਲ ਹੋਇਆ ਹੈ। ਜਨਵਾਦੀ ਇਸਤਰੀ ਸਭਾ ਦੀ ਆਗੂ ਅਮਨਦੀਪ ਕੌਰ, ਰਜਿੰਦਰ ਕੌਰ, ਜਮਹੂਰੀ ਕਿਸਾਨ ਸਭਾ ਦੇ ਆਗੂ ਰਾਜਵੀਰ ਸਿੰਘ ਅਤੇ ਰਣਧੀਰ ਸਿੰਘ ਨੇ ਅੰਦੋਲਨ ਵਿੱਚ ਸ਼ਹੀਦ ਹੋਏ ਕਿਰਤੀਆਂ ਅਤੇ ਕਿਸਾਨਾਂ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਰਹਿੰਦੀਆਂ ਮੰਗਾਂ ਦੀ ਪੂਰਤੀ ਬਾਅਦ ਹੀ ਅੰਦੋਲਨ ਸਮਾਪਤ ਕਰਨਗੇ।
ਦੋਰਾਹਾ (ਪੱਤਰ ਪ੍ਰੇਰਕ): ਇੱਥੇ ਅੱਜ ਇਥੇ ਕਿਸਾਨ-ਮਜ਼ਦੂਰ ਅਤੇ ਮੁਲਾਜ਼ਮ ਸਾਂਝਾ ਫਰੰਟ ਦੇ ਮੈਂਬਰਾਂ ਦੀ ਇੱਕਤਰਤਾ ਪਵਨ ਕੁਮਾਰ ਕੌਂਸਲ ਦੀ ਪ੍ਰਧਾਨਗੀ ਹੇਠਾਂ ਹੋਈ।ਇਸ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੰਘਰਸ਼ ਦੇ ਇਕ ਸਾਲ ਪੂਰਾ ਹੋਣ ਤੇ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦੇ ਐਲਾਨ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਜਸਵਿੰਦਰ ਸਿੰਘ ਅਤੇ ਕਮਲਜੀਤ ਸਿੰਘ ਨੇ ਕਿਹਾ ਕਿ ਕਿਸਾਨੀ ਸੰਘਰਸ਼ ਨੇ ਵਿਸ਼ਵ ਪੱਧਰ ਤੇ ਇਕ ਨਿਵੇਲਾ ਇਤਿਹਾਸ ਰਚਿਆ ਹੈ। ਤਰਸੇਮ ਲਾਲ ਅਤੇ ਕਰਮ ਸਿੰਘ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਬਾਕੀ ਰਹਿੰਦੀਆਂ ਮੰਗਾਂ ਪ੍ਰਤੀ ਸੁਚੇਤ ਕੀਤਾ।
ਦਾਣਾ ਮੰਡੀ ਵਿੱਚ ਸੁਖਮਨੀ ਸਾਹਿਬ ਦੇ ਭੋਗ ਪਾਏ
ਪਾਇਲ (ਪੱਤਰ ਪ੍ਰੇਰਕ): ਇੱਥੇ ਦਾਣਾ ਮੰਡੀ ਵਿੱਚ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਸਾਨਾਂ ਦੀ ਜਿੱਤ ਦੀ ਖੁਸ਼ੀ ਵਿੱਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵੱਲੋਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ ਗਿਆ। ਇਸ ਮੌਕੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨੀ ਘੋਲ ਦੁਨੀਆਂ ਦਾ ਸਭ ਤੋਂ ਵੱਡਾ ਸੰਘਰਸ਼ ਸੀ। ਇਸੇ ਮਕਸਦ ਲਈ ਅਨਾਜ ਮੰਡੀ ਪਾਇਲ ਵਿੱਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਹਨ। ਇਸ ਮੌਕੇ ਪ੍ਰਧਾਨ ਮਲਕੀਤ ਸਿੰਘ ਧਾਲੀਵਾਲ, ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਚੇਅਰਮੈਨ ਬੰਤ ਸਿੰਘ ਦੌਬੁਰਜੀ, ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਪ੍ਰਧਾਨ ਗੁਰਵਿੰਦਰ ਸਿੰਘ ਟੀਨੂੰ, ਚੇਅਰਮੈਨ ਕਮਲਜੀਤ ਸਿੰਘ ਸਿਆੜ, ਪ੍ਰਧਾਨ ਜੱਸਾ ਰੋੜੀਆਂ, ਸਰਪੰਚ ਗੁਰਜੀਤ ਸਿੰਘ ਚੀਮਾ ਹਾਜ਼ਰ ਸਨ।