ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 23 ਅਪਰੈਲ
ਸਥਾਨਕ ਸੀਨੀਅਰ ਸੈਕੰਡਰੀ ਸਕੂਲ ਜੀਐੱਚਜੀ ਅਕੈਡਮੀ ਵਿੱਚ ਅੱਜ ਪੰਜਵੇਂ ਗੁਰੂ ਅਰਜਨ ਦੇਵ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਦਸਵੀਂ ਜਮਾਤ ਦੀ ਵਿਦਿਆਰਥਣ ਹਰਜਿੰਦ ਕੌਰ ਨੇ ਗੁਰੂ ਅਰਜਨ ਦੇਵ ਦੇ ਜੀਵਨ ਬਾਰੇ ਚਰਚਾ ਕਰਦਿਆਂ ਦੱਸਿਆ ਕਿ ਗੁਰੂ ਜੀ ਦਾ ਜਨਮ ਗੋਇੰਦਵਾਲ ਸਾਹਿਬ ਵਿਖੇ ਅਪਰੈਲ 1563 ਈਸਵੀ ਨੂੰ ਸਿੱਖਾਂ ਦੇ ਚੌਥੇ ਗੁਰੂ ਰਾਮਦਾਸ ਜੀ ਦੇ ਘਰ ਹੋਇਆ। ਗੁਰੂ ਜੀ ਨੇ ਜਾਤਪਾਤ ਅਤੇ ਧਰਮਾਂ ਦਾ ਭੇਦਭਾਵ ਮਿਟਾਉਣ ਲਈ ਹਰਿਮੰਦਰ ਸਾਹਿਬ ਦੇ ਚਾਰ ਦਰਵਾਜ਼ੇ ਰੱਖੇ ਜੋ ਇਸ ਗੱਲ ਦਾ ਸੰਕੇਤ ਸਨ ਕਿ ਕਿਸੇ ਵੀ ਦਿਸ਼ਾ ਤੋਂ ਕੋਈ ਵੀ ਇਨਸਾਨ ਨਤਮਸਤਕ ਹੋਣ ਲਈ ਆ ਸਕਦਾ ਹੈ। ਉਨ੍ਹਾਂ ਨੇ ਗੁਰੂ ਜੀ ਬਾਰੇ ਦੱਸਦਿਆਂ ਇਹ ਵੀ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਦੇ ਸਮੇਂ ਮੁਗਲ ਜਹਾਂਗੀਰ ਗੁਰੂ ਦੀ ਵਧ ਰਹੀ ਪ੍ਰਸਿੱਧੀ ਨੂੰ ਦੇਖ ਕੇ ਗੁਰੂ ਜੀ ਨਾਲ ਈਰਖਾ ਖਾਣ ਲੱਗਾ ਅਤੇ ਉਸ ਨੇ ਗੁਰੂ ਜੀ ਨੂੰ ਇਸਲਾਮ ਧਰਮ ਕਬੂਲ ਕਰਨ ਲਈ ਕਿਹਾ ਪਰ ਗੁਰੂ ਜੀ ਨੇ ਇਸ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਸ ਕਰਕੇ 30 ਮਈ 1606 ਈਸਵੀ ਨੂੰ ਲਾਹੌਰ ਵਿਖੇ ਗੁਰੂ ਜੀ ਨੂੰ ਤੱਤੀ ਤਵੀ ’ਤੇ ਬਿਠਾ ਕੇ ਤਸੀਹੇ ਦਿੱਤੇ ਗਏ। ਇਸ ਕਰਕੇ ਇਨ੍ਹਾਂ ਨੂੰ ‘ਸ਼ਹੀਦਾਂ ਦੇ ਸਿਰਤਾਜ’ ਵੀ ਕਿਹਾ ਜਾਂਦਾ ਹੈ। ਪ੍ਰਿੰਸੀਪਲ ਰਮਨਜੋਤ ਕੌਰ ਗਰੇਵਾਲ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਪਾਏ ਪੂਰਨਿਆਂ ’ਤੇ ਚੱਲਣ, ਗੁਰਬਾਣੀ ਨੂੰ ਪੜ੍ਹਨ ਅਤੇ ਉਸ ਉੱਪਰ ਅਮਲ ਕਰਨ ਦੀ ਪ੍ਰੇਰਨਾ ਦਿੱਤੀ।