ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਜਨਵਰੀ
ਇਥੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਅੱਜ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਮੱਥਾ ਟੇਕਿਆ ਅਤੇ ਕੀਰਤਨ ਸਰਵਣ ਕੀਤਾ। ਇਸ ਦੌਰਾਨ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖਤ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਵਿਖੇ ਅਲੌਕਿਕ ਜਲੌਅ ਸਜਾਏ ਗਏ। ਸ੍ਰੀ ਦਰਾਬਰ ਸਾਹਿਬ ਵਿੱਚ ਸੰਗਤ ਅੰਮ੍ਰਿਤ ਵੇਲੇ ਤੋਂ ਹੀ ਪੁੱਜਣੀ ਸ਼ੁਰੂ ਹੋ ਗਈ ਸੀ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਕੀਰਤਨ ਕੀਤਾ। ਸਾਰਾ ਦਿਨ ਸਜੇ ਧਾਰਮਿਕ ਦੀਵਾਨ ਵਿੱਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਗੁਰੂ ਜਸ ਗਾਇਨ ਕੀਤਾ। ਭੋਗ ਵੇਲੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੁਖਤਾਰ ਸਿੰਘ, ਬਘੇਲ ਸਿੰਘ, ਸੁਖਰਾਜ ਸਿੰਘ, ਜਸਪਾਲ ਸਿੰਘ ਢੱਡੇ, ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਮੌਜੂਦ ਸਨ। ਇਸ ਤੋਂ ਇਲਾਵਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਕੂਲਾਂ ਦੇ ਬੱਚਿਆਂ ਨੇ ਅਕਾਲ ਤਖਤ ਦੇ ਸਨਮੁੱਖ ਕੀਰਤਨ ਕੀਤਾ। ਗੁਰਪੁਰਬ ਸਬੰਧੀ ਦਰਬਾਰ ਸਾਹਿਬ ਫੁੱਲਾਂ ਨਾਲ ਸਜਾਇਆ ਗਿਆ, ਦੀਪਮਾਲਾ ਕੀਤੀ ਗਈ ਅਤੇ ਰਾਤ ਨੂੰ ਆਤਿਸ਼ਬਾਜ਼ੀ ਵੀ ਚਲਾਈ ਗਈ।
ਨਾਨਕਸ਼ਾਹੀ ਕੈਲੰਡਰ ਦੇ ਵਿਵਾਦ ਕਰਕੇ ਪ੍ਰਕਾਸ਼ ਪੁਰਬ ਕਈ ਥਾਵਾਂ ’ਤੇ ਦੋ ਵਾਰ ਮਨਾਇਆ ਗਿਆ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਜੋ ਕਿ ਮੂਲ ਨਾਨਕਸ਼ਾਹੀ ਕੈਲੰਡਰ ਦੀ ਸਮਰਥਕ ਹੈ, ਵੱਲੋਂ ਪੰਜ ਜਨਵਰੀ ਨੂੰ ਇਹ ਪ੍ਰਕਾਸ਼ ਪੁਰਬ ਮਨਾਇਆ ਗਿਆ ਸੀ। ਪੀਜੀਪੀਸੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ ਅਤੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿੱਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਪੰਜ ਜਨਵਰੀ ਨੂੰ ਮਨਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀਜੀਪੀਸੀ ਵੱਲੋਂ ਸਾਰੇ ਗੁਰਪੁਰਬ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਮਨਾਏ ਜਾਂਦੇ ਹਨ। ਪਰ ਪਿਸ਼ਾਵਰ ਦੇ ਗੁਰਦੁਆਰਾ ਭਾਈ ਜੋਗਾ ਸਿੰਘ ਵਿੱਚ ਉਥੋਂ ਦੀ ਗੁਰਦੁਆਰਾ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਅੱਜ ਮਨਾਇਆ ਗਿਆ ਹੈ। ਗੁਰਦੁਆਰੇ ਦੇ ਪ੍ਰਬੰਧਕਾਂ ਨੇ ਆਖਿਆ ਕਿ ਸ੍ਰੀ ਅਕਾਲ ਤਖਤ ਦੇ ਆਦੇਸ਼ ਅਨੁਸਾਰ ਉਨ੍ਹਾਂ ਵੱਲੋਂ ਅੱਜ ਪ੍ਰਕਾਸ਼ ਪੁਰਬ ਮਨਾਇਆ ਗਿਆ।
ਅਕਾਲ ਤਖਤ ਦੇ ਜਥੇਦਾਰ ਨੇ ਸੰਗਤ ਨੂੰ ਵਧਾਈ ਦਿੱਤੀ
ਅੰਮ੍ਰਿਤਸਰ: ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਹਰ ਵਿਅਕਤੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਅਹਿਦ ਲੈਣ ਦੀ ਅਪੀਲੀ ਕੀਤੀ। ਇਸ ਸਬੰਧੀ ਇੱਕ ਵੀਡੀਓ ਸੁਨੇਹੇ ਰਾਹੀਂ ਉਨ੍ਹਾਂ ਕਿਹਾ ਕਿ ਅੱਜ ਗੁਰਪੁਰਬ ਮੌਕੇ ਹਰ ਵਿਅਕਤੀ ਪ੍ਰਣ ਕਰੇ ਕਿ ਉਹ ਨਸ਼ਾ ਮੁਕਤ ਜੀਵਨ ਬਤੀਤ ਕਰੇਗਾ। ਇਸ ਦੌਰਾਨ ਉਨ੍ਹਾਂ ਖੰਡੇ ਬਾਟੇ ਦਾ ਪਾਹੁਲ ਛਕ ਕੇ ਸਿੱਖ ਧਰਮ ਦਾ ਪ੍ਰਚਾਰ ਕਰਨ ਅਤੇ ਗੁਰਮਤਿ ਸਾਹਿਤ ਪੜ੍ਹਨ ਲਈ ਵੀ ਕਿਹਾ।