ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਗੁਰਦੁਆਰਿਆਂ ਵਿੱਚ ਗੁਰਮਤਿ ਸਮਾਗਮ ਹੋਏ ਜਿਨ੍ਹਾਂ ਵਿੱਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿੱਚ ਹੋਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਕੀਰਤਨੀਏ ਭਾਈ ਲਖਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਭਾਈ ਨਿਰਭੈ ਸਿੰਘ ਸਾਰੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸਮੇਤ ਬੀਬੀ ਜਸਪ੍ਰੀਤ ਕੌਰ ਲਖਨਊ ਦੇ ਕੀਰਤਨੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।
ਕਥਾ ਵਾਚਕ ਗਿਆਨੀ ਬਚਿੱਤਰ ਸਿੰਘ ਨੇ ਗੁਰਬਾਣੀ ਦੀ ਕਥਾ ਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ, ਮਨੁੱਖੀ ਸੇਵਾ ਕਾਰਜਾ ਤੇ ਸਿੱਖਿਆਵਾ ਉਪਰ ਚਾਨਣਾ ਪਾਇਆ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸਾਥੀ ਮੈਬਰਾਂ ਸਮੇਤ ਕੀਰਤਨੀ ਜਥਿਆਂ ਨੂੰ ਸਨਮਾਨਿਤ ਕੀਤਾ।
ਗੁਰਦੁਆਰਾ ਗੁਰੂ ਤੇਗ ਬਹਾਦਰ ਸਤਿਸੰਗ ਸਭਾ ਹਾਊਸਿੰਗ ਬੋਰਡ ਕਲੋਨੀ ਭਾਈ ਰਣਧੀਰ ਸਿੰਘ ਨਗਰ ਵਿਚ ਹੋਏ ਸਮਾਗਮ ਦੌਰਾਨ ਅਖੰਡ ਪਾਠ ਦੇ ਭੋਗ ਮਗਰੋਂ ਕਥਾ ਵਾਚਕ ਭਾਈ ਅਵਤਾਰ ਸਿੰਘ ਨੇ ਕਥਾ ਵਿਚਾਰ ਰਾਹੀ ਸਿੱਖ ਇਤਿਹਾਸ ਤੇ ਚਾਨਣਾ ਪਾਇਆ ਮਗਰੋਂ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਨੇ ਕੀਰਤਨ ਕੀਤਾ ਜਦਕਿ ਅਰਦਾਸ ਭਾਈ ਅਵਤਾਰ ਸਿੰਘ ਨੇ ਕੀਤੀ ਇਸ ਸਮੇਂ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਲੀਲ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।