ਗੁਰਿੰਦਰ ਸਿੰਘ
ਲੁਧਿਆਣਾ, 13 ਨਵੰਬਰ
ਗੁਰਦੁਆਰਾ ਸਰਾਭਾ ਨਗਰ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ। ਇਸ ਦੌਰਾਨ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਸਾਨ ਮੋਰਚੇ ਦੇ ਇਕ ਸਾਲ ਪੂਰਾ ਹੋਣ ’ਤੇ 26 ਨਵੰਬਰ ਨੂੰ ਦਿੱਲੀ ਦੀਆਂ ਬਰੂਹਾਂ ’ਤੇ ਕੀਤੇ ਜਾ ਰਹੇ ਪ੍ਰੋਗਰਾਮਾਂ ਅਤੇ 29 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕੀਤੇ ਜਾ ਰਹੇ ਸੰਸਦ ਦੇ ਘਿਰਾਓ ਲਈ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ। ਇਸ ਮੌਕੇ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਹੱਦ ’ਤੇ ਚੱਲ ਰਹੇ ਕਿਸਾਨ ਮੋਰਚੇ ਨੂੰ ਇੱਕ ਵਰ੍ਹਾ ਹੋ ਗਿਆ ਹੈ। ਇਸ ਦੌਰਾਨ ਕਈ ਦੁਖਦਾਈ ਘਟਨਾਵਾਂ ਤੋਂ ਇਲਾਵਾ ਅੱਠ ਸੌ ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚੇ ਦੀ ਪਹਿਲੀ ਵਰ੍ਹੇਗੰਢ ਮੌਕੇ ਹੱਦਾਂ ’ਤੇ ਕੀਤੇ ਜਾ ਰਹੇ ਪ੍ਰੋਗਰਾਮਾਂ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਸ਼ਾਮਲ ਹੋਣਗੇ। ਉਨ੍ਹਾਂ ਜ਼ਿਲ੍ਹਾ ਪ੍ਰਧਾਨਾਂ ਨੂੰ ਪ੍ਰੋਗਰਾਮਾਂ ਲਈ ਵਰਕਰਾਂ ਦੀਆਂ ਡਿਊਟੀਆਂ ਲਗਾ ਕੇ ਸੂਚੀਆਂ ਪੰਜਾਬ ਕਮੇਟੀ ਨੂੰ ਭੇਜਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਤੋਂ ਬਾਅਦ ਕੇਂਦਰ ਸਰਕਾਰ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋ ਜਾਵੇਗੀ।
ਇਸ ਮੌਕੇ ਜਗਦੇਵ ਸਿੰਘ ਕਾਲਿਆਂਵਾਲੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੰਦ ਹੋਈ ਝੋਨੇ ਦੀ ਖਰੀਦ ਦਾ ਕੰਮ ਮੁੜ ਸ਼ੁਰੂ ਕੀਤਾ ਜਾਵੇ ਕਿਉਂਕਿ ਬਾਰਸ਼ਾਂ ਕਾਰਨ ਪਰਮਲ ਝੋਨੇ ਦੇ ਭੰਡਾਰ ਕਿਸਾਨਾਂ ਦੇ ਘਰਾਂ ਵਿੱਚ ਹੀ ਪਏ ਹਨ। ਕਿਸਾਨ ਆਗੂ ਕੁਲਦੀਪ ਸਿੰਘ ਚੱਕ ਭਾਈਕਾ ਨੇ ਡੀਏਪੀ ਖਾਦ ਦੀ ਘਾਟ ਨੂੰ ਦੂਰ ਕਰਨ ਲਈ ਸਰਕਾਰ ਨੂੰ ਕਦਮ ਚੁੱਕਣ ਅਤੇ ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ। ਕਿਸਾਨ ਆਗੂ ਕੁਲਦੀਪ ਸਿੰਘ ਚੱਕ ਭਾਈਕਾ ਨੇ ਡੀਏਪੀ ਖਾਦ ਦੀ ਘਾਟ ਨੂੰ ਦੂਰ ਕਰਨ ਲਈ ਸਰਕਾਰ ਨੂੰ ਕਦਮ ਚੁੱਕਣ ਅਤੇ ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ। ਗੁਰਮੀਤ ਸਿੰਘ ਗੋਲੇਵਾਲਾ ਨੇ ਮੀਟਿੰਗ ਵਿੱਚ ਪੁੱਜੇ ਕਿਸਾਨ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਖੇਤੀ ਕਾਨੂੰਨ ਰੱਦ ਹੋਣ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗਾ।