ਜੋਗਿੰਦਰ ਸਿੰਘ ਓਬਰਾਏ
ਖੰਨਾ, 5 ਅਪਰੈਲ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉੁਣ ਲਈ ਕਿਸਾਨ ਲੰਮੇ ਸਮੇਂ ਤੋਂ ਇਥੋਂ ਦੇ ਰੇਲਵੇ ਸਟੇਸ਼ਨ ’ਤੇ ਲਗਾਤਾਰ ਸ਼ਾਂਤਮਈ ਸੰਘਰਸ਼ ਕਰ ਰਹੇ ਹਨ। ਅੱਜ ਕਿਸਾਨਾਂ ਅਤੇ ਵੱਖ-ਵੱਖ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਤਹਿਤ ਰੇਲਵੇ ਸਟੇਸ਼ਨ ਦੇ ਨਾਲ ਨਾਲ ਐੱਫ.ਸੀ.ਆਈ ਦਫ਼ਤਰਾਂ ਦਾ ਘਿਰਾਓ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਐੱਫ.ਸੀ.ਆਈ ਨੂੰ ਕਿਸਾਨਾਂ ਵਿਰੁੱਧ ਜਾਰੀ ਕੀਤੇ ਫੁਰਮਾਨ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਸ ਦਾ ਮਾੜਾ ਪ੍ਰਭਾਵ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਨਾਲ-ਨਾਲ ਆਮ ਲੋਕਾਂ ’ਤੇ ਵੀ ਪਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਨਾਗਰਿਕਾਂ ਨੂੰ ਸਿਰਫ਼ ਵੋਟਾਂ ਵਟੋਰਨ ਲਈ ਹੀ ਵਰਤਦੀ ਹੈ, ਜਿਸ ਦੀ ਮਿਸਾਲ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਧਰਨੇ ’ਤੇ ਬੈਠੇ ਕਿਸਾਨਾਂ ਤੋਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਹਰ ਵਰਗ ਮੋਦੀ ਸਰਕਾਰ ਤੋਂ ਔਖਾ ਹੈ, ਪਰ ਸਰਕਾਰ ਨੂੰ ਸਿਰਫ਼ ਕੁਝ ਕਾਰਪੋਰੇਟ ਘਰਾਣਿਆਂ ਦਾ ਹੀ ਫ਼ਿਕਰ ਹੈ। ਇਸ ਮੌਕੇ ਗੁਲਜ਼ਾਰ ਸਿੰਘ, ਹਰਵਿੰਦਰ ਸਿੰਘ, ਦੀਦਾਰ ਸਿੰਘ, ਸੰਦੀਪ ਸਿੰਘ, ਹਰਪ੍ਰੀਤ ਸਿੰਘ, ਨਿਰਮਲ ਸਿੰਘ, ਕਸ਼ਮੀਰਾ ਸਿੰਘ, ਰਛਪਾਲ ਸਿੰਘ, ਬਲਜੀਤ ਸਿੰਘ, ਹਰਮੇਸ਼ ਸਿੰਘ, ਬਲਵੰਤ ਸਿੰਘ, ਸਰੂਪ ਸਿੰਘ, ਨਰਿੰਦਰਪਾਲ ਸਿੰਘ, ਬਲਵੀਰ ਸਿੰਘ, ਮਨਜੀਤ ਸਿੰਘ, ਜਗਜੀਤ ਸਿੰਘ, ਦਲਜੀਤ ਸਿੰਘ ਹਾਜ਼ਰ ਸਨ।