ਸੰਤੋਖ ਗਿੱਲ
ਗੁਰੂਸਰ ਸੁਧਾਰ, 31 ਜਨਵਰੀ
ਇਕ ਸਾਲ ਤੋਂ ਵਧੇਰੇ ਸਮਾਂ ਚੱਲੇ ਕਿਸਾਨ ਅੰਦੋਲਨ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਪੈਰ ਪਿਛਾਂਹ ਖਿੱਚਣ ਖ਼ਿਲਾਫ਼ ਦੇਸ਼ ਭਰ ਵਿਚ ਵਿਸ਼ਵਾਸਘਾਤ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ, ਜਮਹੂਰੀ ਕਿਸਾਨ ਸਭਾ ਅਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸੁਰਜੀਤ ਸਿੰਘ ਸੀਲੋਂ, ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾ, ਰਾਜਵੀਰ ਸਿੰਘ, ਦਵਿੰਦਰ ਸਿੰਘ ਦੀ ਅਗਵਾਈ ਵਿਚ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜਗਤਾਰ ਸਿੰਘ ਚਕੋਹੀ, ਜਨਵਾਦੀ ਇਸਤਰੀ ਸਭਾ ਦੀ ਆਗੂ ਪਰਮਜੀਤ ਕੌਰ ਕਿਲ੍ਹਾ ਰਾਏਪੁਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਖਤੀ ਭਰੋਸੇ ਬਾਅਦ ਅੰਦੋਲਨ ਮੁਲਤਵੀ ਕੀਤਾ ਗਿਆ ਸੀ, ਪਰ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।
ਮੰਡੀ ਅਹਿਮਦਗੜ੍ਹ (ਮਹੇਸ਼ ਸ਼ਰਮਾ): ਇਲਾਕੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਵਜੋਂ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ ਮੌਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਨ ਲਈ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਦੇ ਪੁਤਲੇ ਵੀ ਫੂਕੇ ਗਏ। ਆਲ ਇੰਡੀਆ ਕਿਸਾਨ ਸਭਾ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨਾਲ ਸਬੰਧਤ ਲਤਾਲਾ, ਮਹੇਰਨਾ, ਡੇਹਲੋਂ, ਗੋਪਾਲਪੁਰ, ਘੁੰਗਰਾਨਾ, ਜੜਤੌਲੀ, ਬੜੂੰਦੀ, ਧੂਲਕੋਟ, ਖੇੜਾ ਅਤੇ ਪੋਹੀੜ ਆਦਿ ਪਿੰਡਾਂ ਦੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਵਾਅਦੇ ਪੂਰੇ ਨਾ ਕਰਨ ’ਤੇ ਭੜਾਸ ਕੱਢੀ।
ਮਾਛੀਵਾੜਾ (ਪੱਤਰ ਪ੍ਰੇਰਕ): ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਸਮਰਾਲਾ ਨੇ ਅੱਜ ਪਿੰਡ ਝੜੌਦੀ ਵਿਚ ਵਿਸ਼ਵਾਸਘਾਤ ਦਿਵਸ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਮਨਾਇਆ। ਕਿਸਾਨ ਸਭਾ ਦੇ ਪ੍ਰਧਾਨ ਨਿੱਕਾ ਸਿੰਘ ਖੇੜਾ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਹੀਂ ਕੀਤੀਆਂ।